-ਡਿਪਟੀ ਕਮਿਸ਼ਨਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ
- ਮੁੱਖ ਮੰਤਰੀ ਸਿਹਤ ਕਾਰਡ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ ਮਿਲੇਗਾ
ਪਟਿਆਲਾ, 24 ਦਸੰਬਰ
ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿਲ੍ਹੇ ਵਿੱਚ ਸਾਰੇ ਲਾਭਪਾਤਰੀ ਪਰਿਵਾਰਾਂ ਲਈ ਬਣਨ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਸਾਰੇ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਗਦ ਰਹਿਤ (ਕੈਸ਼ਲੈੱਸ) ਇਲਾਜ ਦੀ ਸਹੂਲਤ ਮਿਲੇਗੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 8 ਜਨਵਰੀ ਤੋਂ ਜ਼ਿਲ੍ਹੇ ਵਿੱਚ ਸਾਰੇ 984 ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਵਿਖੇ ਹਰ ਪਰਿਵਾਰ ਦੇ ਹਰ ਮੈਂਬਰ ਲਈ ਇਹ ਕਾਰਡ ਮੁਫ਼ਤ ਬਣਾਇਆ ਜਾਵੇਗਾ ਅਤੇ ਇਸ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਸਨੀਕ ਦਾ ਪਹਿਲਾਂ ਆਯੂਸ਼ਮਾਨ ਕਾਰਡ ਬਣਿਆ ਹੋਇਆ ਹੈ ਤਾਂ ਵੀ ਉਸ ਨੂੰ ਨਵਾਂ ਕਾਰਡ ਦੁਬਾਰਾ ਬਣਵਾਉਣਾ ਪਵੇਗਾ। ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਜਾਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਐਸ.ਡੀ.ਐਮਜ ਨੂੰ ਨਿਰਦੇਸ਼ ਦਿੱਤੇ ਕਿ ਇਹ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਪ੍ਰਕਿਰਿਆ ਦੇ ਮੁਫ਼ਤ ਜਾਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇਗਾ। ਇਸ ਲਈ ਸਾਰੇ ਵਿਧਾਇਕਾਂ, ਕੌਂਸਲਰਾਂ, ਪੰਚ-ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਨਵੇਂ ਚੁਣੇ ਮੈਂਬਰਾਂ ਸਮੇਤ ਸਾਰੇ ਚੁਣੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਇਹ ਕਾਰਡ ਬਣਵਾਉਣੇ ਯਕੀਨੀ ਬਣਾਏ ਜਾਣ।
watch…..Driving Village Development: CM Mann’s Grassroots Efforts
ਬੈਠਕ ਵਿੱਚ ਯੋਜਨਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਸਾਰੇ ਐਸ.ਡੀ.ਐਮਜ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਅਤੇ ਸੀ.ਐਸ.ਸੀ. ਦੇ ਡੀ.ਐਮ ਜਗਦੀਪ ਸਿੰਘ ਵੀ ਹਾਜ਼ਰ ਸਨ।

