-ਮੁੱਖ ਮੰਤਰੀ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੀ ਮੰਗ
-ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਮੰਡੀਆਂ ਦਾ ਦੌਰਾ, ਝੋਨੇ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ
ਬੱਸੀ ਪਠਾਣਾ/ਮੋਰਿੰਡਾ, 23 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ।
ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨੇ ਕਿਸਾਨਾਂ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੌਸਮ ਦੀ ਖਰਾਬੀ ਕਾਰਨ ਝੋਨੇ ਵਿੱਚ ਨਮੀ, ਖਰਾਬ ਅਤੇ ਬਦਰੰਗ ਦਾਣਿਆਂ ਦੀ ਮਾਤਰਾ ਵਧਣ ਕਾਰਨ ਕੇਂਦਰ ਸਰਕਾਰ ਨੂੰ ਮਾਪਦੰਡਾਂ ਵਿੱਚ ਛੋਟ ਦੇਣੀ ਚਾਹੀਦੀ ਹੈ। ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਹੀ ਕੇਂਦਰ ਨੂੰ ਬੇਨਤੀ ਕੀਤੀ ਹੈ, ਕਿਉਂਕਿ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਵਿਨਾਸ਼ਕਾਰੀ ਸਥਿਤੀ ਦੇ ਬਾਵਜੂਦ, ਪੰਜਾਬ ਕੌਮੀ ਅੰਨ ਭੰਡਾਰ ਵਿੱਚ 170 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਦੇਣ ਦੀ ਸੰਭਾਵਨਾ ਰੱਖਦਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖਰੀਦਿਆ ਜਾ ਸਕੇ। ਸਾਉਣੀ ਮੰਡੀਕਰਨ ਸੀਜ਼ਨ 2025-26 ਲਈ 1822 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜੋ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਅਲਾਟ ਕੀਤੇ ਗਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਵਿੱਚ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ, ਜਿਸ ਵਿੱਚੋਂ 61.01 ਲੱਖ ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ 91.80% ਝੋਨੇ ਦੀ ਲਿਫਟਿੰਗ 72 ਘੰਟਿਆਂ ਵਿੱਚ ਯਕੀਨੀ ਬਣਾਈ ਗਈ ਹੈ, ਅਤੇ ਕਿਸਾਨਾਂ ਨੂੰ 13073.07 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
watch…..Empowering Women: The New Leadership of Punjab Commission
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਕਿਸਾਨਾਂ ਨੂੰ ਉਪਜ ਵੇਚਣ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਸਲ ਦੀ ਖਰੀਦ ਦੀ ਅਦਾਇਗੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਸੰਕਟ ਦੀ ਘੜੀ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਰਗਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਦੀ ਹੜ੍ਹ ਰਾਹਤ ਅਜੇ ਤੱਕ ਨਹੀਂ ਮਿਲੀ। ਉਨ੍ਹਾਂ ਨੇ ਕੇਂਦਰ ਨੂੰ ਇਸ ਵਿਤਕਰੇ ਨੂੰ ਬੰਦ ਕਰਨ ਦੀ ਮੰਗ ਕੀਤੀ, ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸਕੂਲ ਆਫ਼ ਐਮੀਨੈਂਸ ਸਥਾਪਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 44 ਨੇ ਜੇ.ਈ.ਈ. ਐਡਵਾਂਸ, ਅਤੇ 848 ਨੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ, ਜਿਨ੍ਹਾਂ ਨੇ 1.75 ਕਰੋੜ ਲੋਕਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ।
ਬਿਜਲੀ ਖੇਤਰ ਵਿੱਚ ਸੁਧਾਰਾਂ ਸਦਕਾ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ, ਜਿਸ ਨਾਲ ਆਰਥਿਕ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਹਨ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮਾਂ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਦਿੱਤਾ ਜਾਵੇਗਾ। ਸਮਾਗਮ ਮੁੱਖ ਤੌਰ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ, ਜਿਨ੍ਹਾਂ ਦਾ ਉਦੇਸ਼ ਗੁਰੂ ਜੀ ਦੇ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੇ ਆਦਰਸ਼ਾਂ ਨੂੰ ਪ੍ਰਚਾਰਨਾ ਹੈ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਮਨੁੱਖੀ ਹੱਕਾਂ ਦੀ ਰਾਖੀ ਅਤੇ ਅਨਿਆਂ ਵਿਰੁੱਧ ਸੰਘਰਸ਼ ਦਾ ਪ੍ਰਤੀਕ ਹੈ।



