Onnline TV

ਪੰਜਾਬ ਪੰਜਾਬੀ

ਮੁੱਖ ਮੰਤਰੀ ਮਾਨ ਵੱਲੋਂ ਮਗਸੀਪਾ ਵਿੱਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

  • ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਕਰਮਚਾਰੀਆਂ ਦੀ ਸਿਖਲਾਈ ਵਿੱਚ ਅਹਿਮ ਸੁਧਾਰ ਹੋਇਆ, ਜਿਸ ਨਾਲ ਪੰਜਾਬ ਦੇ ਲੋਕਾਂ ਲਈ ਵਧੇਰੇ ਪ੍ਰਭਾਵਸ਼ਾਲੀ ਜਨਤਕ ਸੇਵਾ ਸੰਭਵ ਹੋਈ
  • ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਦੀ ਟਰੇਨੀ ਅਧਿਕਾਰੀਆਂ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 24 ਦਸੰਬਰ:

ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਵਿਸ਼ੇਸ਼ ਫਾਉਂਡੇਸ਼ਨ ਕੋਰਸ ਲਈ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਮਗਸੀਪਾ ਨੂੰ ਦੇਸ਼ ਦੀਆਂ ਚੋਟੀ ਦੀਆਂ ਪੰਜ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ। ਸਿਖਲਾਈ ਲੈ ਰਹੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੀਆਂ ਮਾਰਗ-ਦਰਸ਼ਕ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਜ਼ਮੀਨੀ ਪੱਧਰ ਤੇ ਪ੍ਰਤੱਖ ਨਤੀਜਿਆਂ ਦੀ ਨਿਸ਼ਾਨਦੇਹੀ ਕੀਤੀ।

ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੇ ਸਹਿਯੋਗ ਨਾਲ 2021 ਬੈਚ ਦੇ ਇਨ੍ਹਾਂ ਅਧਿਕਾਰੀਆਂ ਲਈ 10 ਹਫ਼ਤਿਆਂ ਦਾ ਵਿਸ਼ੇਸ਼ ਫਾਉਂਡੇਸ਼ਨ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਗਰੁੱਪ ਵਿੱਚ ਆਈ.ਪੀ.ਐਸ., ਭਾਰਤੀ ਜੰਗਲਾਤ ਸੇਵਾ, ਆਈ.ਆਰ.ਐਸ. (ਇਨਕਮ ਟੈਕਸ ਅਤੇ ਕਸਟਮ), ਭਾਰਤੀ ਡਾਕ ਸੇਵਾ, ਭਾਰਤੀ ਸੂਚਨਾ ਸੇਵਾ, ਭਾਰਤੀ ਸਿਵਲ ਲੇਖਾ ਸੇਵਾ, ਭਾਰਤੀ ਪੀ ਐਂਡ ਟੀ ਵਿੱਤ ਸੇਵਾ, ਭਾਰਤੀ ਵਪਾਰ ਸੇਵਾ ਅਤੇ ਭਾਰਤੀ ਕਾਰਪੋਰੇਟ ਲਾਅ ਸੇਵਾ ਦੇ ਅਧਿਕਾਰੀ ਸ਼ਾਮਲ ਹਨ।

watch…CM Mann Empowers Youth with 505 Mini Bus Permits

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮਗਸੀਪਾ ਵੱਲੋਂ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਮਸੂਰੀ ਦੀ ਤਰਫੋਂ ਵਿਸ਼ੇਸ਼ ਫਾਊਂਡੇਸ਼ਨ ਕੋਰਸ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਆਮ ਤੌਰ ਤੇ ਅਜਿਹੇ ਕੋਰਸ ਰਾਸ਼ਟਰੀ ਅਕੈਡਮੀਆਂ ਵੱਲੋਂ ਕਰਵਾਏ ਜਾਂਦੇ ਹਨ। ਮਸੂਰੀ ਅਕੈਡਮੀ ਨੇ ਮਗਸੀਪਾ ਦੇ ਬੁਨਿਆਦੀ ਢਾਂਚੇ ਅਤੇ ਸ਼ਾਨਦਾਰ ਫੈਕਲਟੀ ਨੂੰ ਧਿਆਨ ਵਿੱਚ ਰੱਖ ਕੇ ਇਸ ਦੀ ਚੋਣ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੋਰਸ ਦੀ ਸਮਾਂ-ਸਾਰਣੀ ਬਹੁਤ ਵਿਆਪਕ ਹੈ, ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਤੇ ਲੈਕਚਰ, ਫੀਲਡ ਵਿਜ਼ਿਟ ਅਤੇ ਵਿਚਾਰ-ਵਟਾਂਦਰਾ ਸੈਸ਼ਨ ਸ਼ਾਮਲ ਹਨ।

ਅਧਿਕਾਰੀਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਵੱਖ-ਵੱਖ ਸੱਭਿਆਚਾਰਾਂ ਦਾ ਸੁਮੇਲ ਹੈ ਅਤੇ ਇੱਥੇ ਪੰਜਾਬੀਅਤ ਦੀ ਮੁੱਖ ਰੰਗਤ ਵੇਖਣ ਨੂੰ ਮਿਲਦੀ ਹੈ। ਸਿਖਿਆਰਥੀ ਇਸ ਸ਼ਹਿਰ ਅਤੇ ਪੰਜਾਬ ਦੀ ਨਿੱਘੀ ਪ੍ਰਾਹੁਣਚਾਰੀ ਦਾ ਭਰਪੂਰ ਆਨੰਦ ਮਾਣਨਗੇ। ਪੰਜਾਬ ਇਤਿਹਾਸ, ਸੱਭਿਆਚਾਰ ਤੇ ਪਰੰਪਰਾਵਾਂ ਪੱਖੋਂ ਅਮੀਰ ਹੈ ਅਤੇ ਸਿਖਿਆਰਥੀਆਂ ਨੂੰ ਇਸ ਪਵਿੱਤਰ ਧਰਤੀ ਤੋਂ ਵੱਧ ਤੋਂ ਵੱਧ ਸਿੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਮਗਸੀਪਾ ਦੀ ਫੈਕਲਟੀ ਨੂੰ ਵੀ ਵੱਖ-ਵੱਖ ਰਾਜਾਂ ਤੇ ਤਜਰਬਿਆਂ ਵਾਲੇ ਅਧਿਕਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਨਤਕ ਸੇਵਾ ਵਿੱਚ ਉੱਘੀਆਂ ਸ਼ਖਸੀਅਤਾਂ ਦਾ ਨਿਵਾਸ ਸਥਾਨ ਹੈ, ਜਿਨ੍ਹਾਂ ਨੇ ਦਹਾਕੇ ਲਗਾ ਕੇ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ 2022 ਤੋਂ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ ਰਾਹੀਂ ਬੇਮਿਸਾਲ ਤਰੱਕੀ ਕੀਤੀ ਹੈ। ਨਾ ਸਿਰਫ਼ ਆਉਣ ਵਾਲੀਆਂ ਪੀੜ੍ਹੀਆਂ ਤੇ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਮੌਜੂਦਾ ਕਰਮਚਾਰੀਆਂ ਦੀ ਸਮਰੱਥਾ ਵਧਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਲੋਕਾਂ ਦੀ ਬਿਹਤਰ ਸੇਵਾ ਕਰ ਸਕਣ।

ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਮਗਸੀਪਾ ਨੇ ਲਗਭਗ 1500 ਸਿਖਲਾਈ ਪ੍ਰੋਗਰਾਮ ਚਲਾਏ ਹਨ, ਜਿਨ੍ਹਾਂ ਰਾਹੀਂ 50,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਮਗਸੀਪਾ ਨੇ ਵੱਖ-ਵੱਖ ਸੰਸਥਾਵਾਂ ਨਾਲ 33 ਸਹਿਮਤੀ ਪੱਤਰਾਂ ਤੇ ਹਸਤਾਖਰ ਕੀਤੇ ਹਨ। ਭਾਰਤ ਸਰਕਾਰ ਦੇ ਕਪੈਸਟੀ ਬਿਲਡਿੰਗ ਕਮਿਸ਼ਨ ਵੱਲੋਂ ਮਗਸੀਪਾ ਨੂੰ ਸਭ ਤੋਂ ਉੱਚੀ 3-ਸਟਾਰ ਦਰਜਾਬੰਦੀ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੰਤਾਂ-ਪੀਰਾਂ ਦੀ ਧਰਤੀ ਹੈ ਅਤੇ ਪੰਜਾਬ ਵਾਸੀਆਂ ਨੇ ਅੱਤਿਆਚਾਰ ਤੇ ਬੇਇਨਸਾਫ਼ੀ ਦਾ ਵਿਰੋਧ ਕਰ ਕੇ ਜਮਹੂਰੀ ਕਦਰਾਂ ਨੂੰ ਬਰਕਰਾਰ ਰੱਖਿਆ ਹੈ। ਪੰਜਾਬੀਆਂ ਨੇ ਸੁਤੰਤਰਤਾ ਸੰਗਰਾਮ, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਤੇ ਦੇਸ਼ ਦੀ ਏਕਤਾ ਲਈ ਲਾਮਿਸਾਲ ਯੋਗਦਾਨ ਪਾਇਆ ਹੈ। ਪੰਜਾਬੀ ਆਲਮੀ ਨਾਗਰਿਕ ਹਨ ਜਿਨ੍ਹਾਂ ਨੇ ਮਿਹਨਤ ਤੇ ਸਮਰਪਣ ਨਾਲ ਦੁਨੀਆ ਵਿੱਚ ਵੱਖਰਾ ਮੁਕਾਮ ਬਣਾਇਆ ਹੈ। ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਆਪਣੀ ਕਲਮ ਦੀ ਵਰਤੋਂ ਸੋਚ-ਸਮਝ ਕੇ ਲੋਕਾਂ ਦੀ ਭਲਾਈ ਲਈ ਕਰਨ।

ਅਧਿਕਾਰੀਆਂ ਨੇ ਸ਼ਹਿਰੀ ਯੋਜਨਾਬੰਦੀ, ਸੜਕੀ ਢਾਂਚੇ, ਸਿੱਖਿਆ-ਸਿਹਤ ਸੁਧਾਰਾਂ, ਫੂਡ ਪ੍ਰਾਸੈਸਿੰਗ, ਪਿੰਡਾਂ ਦੇ ਵਿਕਾਸ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਮੁੱਖ ਮੰਤਰੀ ਦੀ ਨਿੱਘੀ ਮਹਿਮਾਨ-ਨਿਵਾਜ਼ੀ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪੰਜਾਬ ਸੱਚਮੁੱਚ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ।

LEAVE A RESPONSE

Your email address will not be published. Required fields are marked *