Homeਪੰਜਾਬੀਧਰਮਲੱਖਾਂ ਸੰਗਤਾਂ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ

ਲੱਖਾਂ ਸੰਗਤਾਂ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ

- Advertisement -spot_img

ਸ੍ਰੀ ਫਤਹਿਗੜ੍ਹ ਸਾਹਿਬ, 26 ਦਸੰਬਰ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸਭਾ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਠੰਢਾ ਬੁਰਜ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਤੇ ਸਤਿਕਾਰ ਭੇਂਟ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਦੀਵਾਨ ਵਿਚ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਜੀ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਵਿਸਥਾਰ ਨਾਲ ਕਥਾ ਕੀਤੀ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਅਟੁੱਟ ਪ੍ਰਵਾਹ ਜਾਰੀ ਰਿਹਾ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਵਿਸ਼ਾਲ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਪੰਥ-ਪ੍ਰਸਿੱਧ ਕਥਾਵਾਚਕਾਂ, ਢਾਡੀ ਜੱਥਿਆਂ ਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਕਵੀ ਦਰਬਾਰ ਦੌਰਾਨ ਪੰਥ-ਪ੍ਰਸਿੱਧ ਕਵੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਜੀਵਨ ਨਾਲ ਸਬੰਧਤ ਕਵਿਤਾਵਾਂ ਪੇਸ਼ ਕਰਕੇ ਹਾਜ਼ਰੀ ਭਰੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਵਿਸ਼ਾਲ ਪੱਧਰ ਤੇ ਲੰਗਰ, ਮੈਡੀਕਲ ਸਹੂਲਤਾਂ, ਰਿਹਾਇਸ਼, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਜੋੜਾ ਘਰ, ਗੱਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਤੇ ਵੱਖ-ਵੱਖ ਸੇਵਾ ਸੁਸਾਇਟੀਆਂ ਵੱਲੋਂ ਵੀ ਸੰਗਤ ਦੀ ਸੇਵਾ ਲਈ ਵੱਡੇ ਪੱਧਰ ਤੇ ਵਿਵਿਧ ਪ੍ਰਬੰਧ ਕੀਤੇ ਗਏ।

ਸ਼ਹੀਦੀ ਸਭਾ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸਮੇਤ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖਸੀਅਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

watch…..CM  Mann Pays Obeisance at Gurdwara Sri Fatehgarh Sahib

ਜ਼ਿਕਰਯੋਗ ਹੈ ਕਿ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਦੀ ਸਮਾਪਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਨਾਲ ਹੋਵੇਗੀ। ਉਸੇ ਦਿਨ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਵੀ ਆਯੋਜਿਤ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਵਤਾਰ ਸਿੰਘ ਰਿਆ, ਬਾਬਾ ਗੁਰਪ੍ਰੀਤ ਸਿੰਘ, ਸ. ਕਰਨੈਲ ਸਿੰਘ ਪੰਜੋਲੀ, ਸ. ਹਰਪਾਲ ਸਿੰਘ ਜੱਲਾ, ਸ. ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਇੰਚਾਰਜ ਸ. ਸਿਮਰਨਜੀਤ ਸਿੰਘ ਕੰਗ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਵਧੀਕ ਮੈਨੇਜਰ ਸ. ਬਲਵਿੰਦਰ ਸਿੰਘ, ਸ. ਗੁਰਇਕਬਾਲ ਸਿੰਘ ਮਾਨ, ਸ. ਹਰਮਨਜੀਤ ਸਿੰਘ ਸਮੇਤ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here