-22 ਮਾਰਚ ਨੂੰ ਮਾਹਿਲਪੁਰ ਵਿੱਚ ਰਾਸ਼ਟਰੀ ਪੱਧਰ ਦੀ ਇਹ ਦੌੜ ਹੋਵੇਗੀ: ਡਿਪਟੀ ਸਪੀਕਰ
ਚੰਡੀਗੜ੍ਹ, 13 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਕ ਟੀ-ਸ਼ਰਟ ਜਾਰੀ ਕੀਤੀ। ਇਹ ਮੈਰਾਥਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਜੀਵਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲਾ ਇੱਕ ਵੱਡਾ ਕਦਮ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦਾ ਭਵਿੱਖ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗੀਨ ਬਣਾਉਣ ਦੇ ਉਦੇਸ਼ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਮਸ਼ਹੂਰ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਹ ਵਿਸ਼ਾਲ ਨੈਸ਼ਨਲ ਮੈਰਾਥਨ ਕਰਵਾਈ ਜਾ ਰਹੀ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਸਤਿਕਾਰ ਵਜੋਂ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।
watch….Women Leading the Way: Patiala MLA Celebrates 100 Self-Made Entrepreneurs
ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਵੇਖਿਆ ਸੀ, ਜਿੱਥੇ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਖਿੱਚਣਾ ਸਮੇਂ ਦੀ ਮੁੱਖ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।
ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੱਡੇ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮ ਕਮਾਉਣ ਵਾਲੀਆਂ ਕਈ ਮਹੱਤਵਪੂਰਨ ਹਸਤੀਆਂ ਵੀ ਇਸ ਵਿੱਚ ਸ਼ਾਮਲ ਹੋਣਗੀਆਂ।
ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗੀ।




