ਸੰਜੀਵ ਅਰੋੜਾ ਖ਼ਿਲਾਫ਼ ਈਡੀ ਕਾਰਵਾਈ ਦੇ ਵਿਰੋਧ ’ਚ ‘ਆਪ’ ਵੱਲੋਂ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ
ਚੰਡੀਗੜ੍ਹ, 10 ਮਈ
ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਕਮਜ਼ੋਰ ਕਰਨ ਲਈ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਸਿਆਸੀ ਤੌਰ ’ਤੇ ਵਰਤੋਂ ਕਰ ਰਹੀ ਹੈ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਈਡੀ ਦੀ ਕਾਰਵਾਈ ਦੇ ਵਿਰੋਧ ਵਿੱਚ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਮੁੱਖਾਲਿਆਂ ’ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਭਾਜਪਾ ਹਰ ਉਸ ਸਿਆਸੀ ਤਾਕਤ ਨੂੰ ਕੁਚਲਣਾ ਚਾਹੁੰਦੀ ਹੈ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ।
watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਹੁਸ਼ਿਆਰਪੁਰ ਵਿੱਚ ‘ਆਪ’ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਭਾਜਪਾ ਦੀ ਕਾਰਵਾਈ ਨੂੰ “ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਹਮਲਾ” ਕਰਾਰ ਦਿੱਤਾ। ਪਾਰਟੀ ਵਰਕਰਾਂ ਨੇ ਕਿਹਾ ਕਿ ਛਾਪਿਆਂ ਅਤੇ ਜ਼ਬਰਦਸਤੀ ਦੀ ਕਾਰਵਾਈ ਰਾਹੀਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ।
ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਜਪਾ ਨੂੰ ਸਿਆਸੀ ਵਿਰੋਧ ਜਾਂ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਵਿਰੋਧੀ ਧਿਰ ਦੇ ਆਗੂਆਂ ’ਤੇ ਕੇਂਦਰੀ ਏਜੰਸੀਆਂ ਰਾਹੀਂ ਦਬਾਅ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਪੱਛਮੀ ਬੰਗਾਲ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਹੁਣ ਪੰਜਾਬ ’ਤੇ ਹਮਲੇ ਕੀਤੇ ਜਾ ਰਹੇ ਹਨ, ਕਿਉਂਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਨੂੰ ਸਹਿ ਨਹੀਂ ਪਾ ਰਹੀ।
ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਭਾਜਪਾ ਲੋਕਤੰਤਰਿਕ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡਰਾ-ਧਮਕਾ ਕੇ ਕਮਜ਼ੋਰ ਕਰਨਾ ਚਾਹੁੰਦੀ ਹੈ, ਕਿਉਂਕਿ ਉਹ ਸਿਆਸੀ ਤੌਰ ’ਤੇ ਉਨ੍ਹਾਂ ਨੂੰ ਹਰਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਫ਼ ਤੌਰ ’ਤੇ ਦੇਖ ਰਹੇ ਹਨ ਕਿ ਕਿਵੇਂ ਸੰਵਿਧਾਨਕ ਸੰਸਥਾਵਾਂ ਦੀ ਵਰਤੋਂ ਸਿਆਸੀ ਬਦਲਾਖੋਰੀ ਲਈ ਕੀਤੀ ਜਾ ਰਹੀ ਹੈ।
ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰੋਸ ਮਾਰਚ ਦੀ ਅਗਵਾਈ ਕਰਦਿਆਂ ਭਾਜਪਾ ’ਤੇ “ਡਰ ਅਤੇ ਧਮਕੀ ਦੀ ਰਾਜਨੀਤੀ” ਕਰਨ ਦਾ ਦੋਸ਼ ਲਗਾਇਆ। ਮੋਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ‘ਆਪ’ ਵਰਕਰਾਂ ਨੇ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਸੰਜੀਵ ਅਰੋੜਾ ਖ਼ਿਲਾਫ਼ ਹੋਈ ਕਾਰਵਾਈ ਨੂੰ ਸਿਆਸੀ ਪ੍ਰੇਰਿਤ ਕਰਾਰ ਦਿੱਤਾ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਧਮਕੀਆਂ, ਛਾਪਿਆਂ ਅਤੇ ਦਬਾਅ ਦੀ ਰਾਜਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ‘ਆਪ’ ਨੇ ਕੇਂਦਰ ਸਰਕਾਰ ਅੱਗੇ ਝੁਕਣ ਤੋਂ ਇਨਕਾਰ ਕੀਤਾ ਤਾਂ ਪਹਿਲਾਂ ਰਾਜ ਸਭਾ ਮੈਂਬਰਾਂ ’ਤੇ ਦਬਾਅ ਬਣਾਇਆ ਗਿਆ ਅਤੇ ਬਾਅਦ ਵਿੱਚ ਕੈਬਨਿਟ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਸੋਚਿਆ ਸੀ ਕਿ ਪੰਜਾਬ ਨੂੰ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੇ ਛਾਪਿਆਂ ਨਾਲ ਡਰਾਇਆ ਜਾ ਸਕਦਾ ਹੈ, ਪਰ ਪੰਜਾਬੀਆਂ ਦਾ ਇਤਿਹਾਸ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹਨ ਦਾ ਰਿਹਾ ਹੈ ਅਤੇ ਲੋਕ ਭਾਜਪਾ ਨੂੰ ਮੂੰਹਤੋੜ ਜਵਾਬ ਦੇਣਗੇ।
ਡਾ. ਬਲਬੀਰ ਸਿੰਘ ਨੇ ਸਵਾਲ ਉਠਾਇਆ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਛਾਪੇਮਾਰੀ ਕਿਉਂ ਰੁਕ ਗਈ? ਉਨ੍ਹਾਂ ਕਿਹਾ ਕਿ ਇਹ ਭਾਜਪਾ ਦਾ ਅਸਲ ਚਿਹਰਾ ਬੇਨਕਾਬ ਕਰਦਾ ਹੈ। ਏਜੰਸੀਆਂ ਸਿਰਫ਼ ਉਹਨਾਂ ਲੋਕਾਂ ਖ਼ਿਲਾਫ਼ ਸਰਗਰਮ ਹੁੰਦੀਆਂ ਹਨ ਜੋ ਸਿਆਸੀ ਤੌਰ ’ਤੇ ਭਾਜਪਾ ਦਾ ਵਿਰੋਧ ਕਰਦੇ ਹਨ ਅਤੇ ਜਿਵੇਂ ਹੀ ਕੋਈ ਭਾਜਪਾ ਵਿੱਚ ਸ਼ਾਮਲ ਹੁੰਦਾ ਹੈ, ਸਾਰੀਆਂ ਜਾਂਚਾਂ ਠੱਪ ਹੋ ਜਾਂਦੀਆਂ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ। ਪਾਰਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਡਰ ਅਤੇ ਬਦਲੇ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀ ਹਰ ਕੋਸ਼ਿਸ਼ ਨਾਕਾਮ ਰਹੇਗੀ। ਉਨ੍ਹਾਂ ਕਿਹਾ ਕਿ ‘ਆਪ’ ਵਰਕਰ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ “ਲੋਕਤੰਤਰ ਦੇ ਘਾਣ” ਖ਼ਿਲਾਫ਼ ਆਪਣੀ ਆਵਾਜ਼ ਸੜਕਾਂ ’ਤੇ ਲਗਾਤਾਰ ਬੁਲੰਦ ਕਰਦੇ ਰਹਿਣਗੇ।

