Homeਪੰਜਾਬੀਪੰਜਾਬਪਟਿਆਲਾ ਵਿੱਚ ਕਰਮਚਾਰੀਆਂ ਦੀ ਗੂੰਜ: ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਮਹੀਨੇ ਦੇ...

ਪਟਿਆਲਾ ਵਿੱਚ ਕਰਮਚਾਰੀਆਂ ਦੀ ਗੂੰਜ: ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਮਹੀਨੇ ਦੇ ਸੰਘਰਸ਼ ਦਾ ਐਲਾਨ

- Advertisement -spot_img

ਸਰਕਾਰ ਨੂੰ ਆਰ-ਪਾਰ ਦੀ ਲੜਾਈ ਲਈ ਕਰਮਚਾਰੀਆਂ ਦੀ ਸਖ਼ਤ ਚੇਤਾਵਨੀ

ਪਟਿਆਲਾ, 20 ਮਈ
ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਕਰਮਚਾਰੀ ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਅੱਜ ਪ੍ਰਭਾਤ ਪਰਵਾਨਾ ਮੈਮੋਰੀਅਲ ਹਾਲ, ਬਾਰਾਂਦਰੀ ਵਿਖੇ ਇੱਕ ਵਿਸ਼ਾਲ ਇੱਕ-ਰੋਜ਼ਾ ਕਨਵੈਨਸ਼ਨ ਕਰਕੇ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਲਈ ਤਿੰਨ ਮਹੀਨਿਆਂ ਦੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਅਤੇ ਵਿਆਪਕ ਕੀਤਾ ਜਾਵੇਗਾ।

ਕਰਮਚਾਰੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਅਤੇ 18 ਨਵੰਬਰ 2022 ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਪਰ ਅੱਜ ਤੱਕ ਇਸਨੂੰ ਲਾਗੂ ਕਰਨ ਲਈ ਕੋਈ ਐੱਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਇਸ ਕਾਰਨ ਮੁਲਾਜ਼ਮ ਵਰਗ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਜਿੱਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਨੇ ਪਹਿਲੀ ਕੈਬਿਨੇਟ ਮੀਟਿੰਗ ਵਿੱਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ, ਉੱਥੇ ਪੰਜਾਬ ਵਿੱਚ ਆਪ ਸਰਕਾਰ ਨੂੰ ਸੱਤਾ ਵਿੱਚ ਆਏ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕਰਮਚਾਰੀਆਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੇ ਖੁਦ ਕਰਮਚਾਰੀ ਰੈਲੀਆਂ ਵਿੱਚ ਆ ਕੇ OPS ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਕਰਮਚਾਰੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਕਰਮਚਾਰੀ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕਾਨੂੰਨੀ ਲੜਾਈ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਨੂਪ ਸ਼ਰਮਾ ਅਤੇ ਹੋਰ ਸਾਥੀਆਂ ਦੇ ਨਾਮ ‘ਤੇ ਕੇਸ ਦਾਇਰ ਕੀਤਾ ਗਿਆ ਹੈ, ਜਿਸ ਵਿੱਚ ਸਰਕਾਰ ਨੂੰ 18 ਨਵੰਬਰ 2022 ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਅਤੇ ਐੱਸ.ਓ.ਪੀ. ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕੋਰਟ ਵਿੱਚ ਵਾਰ-ਵਾਰ ਤਰੀਕਾਂ ਲੈ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ ਕਰ ਰਹੀ ਹੈ।

watch…..Historic Moment: Rural Students Beat Urban in Punjab Class 10th Exams; Jaito’s Harleen Bags Top Spot

ਦੀਪਕ ਪੁਰੀ ਨੇ ਕਿਹਾ ਕਿ ਸਰਕਾਰ ਦਾ ਨੋਟੀਫਿਕੇਸ਼ਨ ਸਿਰਫ ਕਾਗਜ਼ਾਂ ਤੱਕ ਸੀਮਿਤ ਰਹਿ ਗਿਆ ਹੈ, ਜਦਕਿ ਕਰਮਚਾਰੀ ਅਜੇ ਵੀ ਆਪਣੇ ਹੱਕ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਸਰਕਾਰ ਨੇ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਨਾ ਸਮਝਿਆ ਤਾਂ ਪੰਜਾਬ ਪੱਧਰ ‘ਤੇ ਵੱਡੇ ਐਕਸ਼ਨ ਕੀਤੇ ਜਾਣਗੇ।

ਅਧਿਆਪਕ ਆਗੂ ਸਤਨਾਮ ਪਾਲੀਆ, ਹਰਜੀਤ ਆਹਲੂਵਾਲੀਆ ਅਤੇ ਜਸਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੁਰਾਣੀ ਪੈਨਸ਼ਨ ਲਾਗੂ ਕਰਨੀ ਚਾਹੁੰਦੀ ਹੈ ਜਾਂ ਨਹੀਂ। ਅਧਿਆਪਕਾ ਆਗੂ ਅਲਕਾ ਨੇ ਕਿਹਾ ਕਿ ਨਾਰੀ ਸ਼ਕਤੀ ਨੂੰ ਵੀ OPS ਸੰਘਰਸ਼ ਨਾਲ ਜੋੜਿਆ ਜਾ ਰਿਹਾ ਹੈ।

ਕਨਵੈਨਸ਼ਨ ਵਿੱਚ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਜਲਦੀ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਪੰਜਾਬ ਦੇ ਲਗਭਗ 7 ਲੱਖ ਕਰਮਚਾਰੀ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਵਿਰੁੱਧ ਵੱਡਾ ਮੋਰਚਾ ਖੋਲ੍ਹਣਗੇ।

ਕਨਵੈਨਸ਼ਨ ਤੋਂ ਬਾਅਦ ਇੱਕ ਪ੍ਰਤੀਨਿਧ ਮੰਡਲ ਨੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ। ਡਾ. ਗਾਂਧੀ ਨੇ ਭਰੋਸਾ ਦਿਵਾਇਆ ਕਿ ਉਹ ਪੁਰਾਣੀ ਪੈਨਸ਼ਨ ਦਾ ਮੁੱਦਾ ਪੂਰੀ ਤਾਕਤ ਨਾਲ ਉਠਾਉਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਕਰਮਚਾਰੀਆਂ ਨਾਲ ਵਾਅਦੇ ਕਰਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ OPS ਬਹਾਲ ਨਾ ਕੀਤੀ ਤਾਂ ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮਿਲ ਕੇ ਪੰਜਾਬ ਲਈ ਵੱਡਾ ਐਲਾਨ ਕਰਵਾਇਆ ਜਾਵੇਗਾ।

ਕਨਵੈਨਸ਼ਨ ਦੌਰਾਨ ਮੁੱਖ ਬੁਲਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀ ਐੱਸ.ਓ.ਪੀ. ਤੁਰੰਤ ਜਾਰੀ ਕੀਤੀ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਾਜ਼ਰੀ ਭਰੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here