-ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ
–25 ਮਈ ਤੋਂ ਲਾਗੂ ਹੋਣਗੇ ਨਵੇਂ ਸਮੇਂ, ਅਗਲੇ ਹੁਕਮਾਂ ਤੱਕ ਰਹਿਣਗੇ ਜਾਰੀ : ਮੁੱਖ ਮੰਤਰੀ
ਚੰਡੀਗੜ੍ਹ, 22 ਮਈ
ਲਗਾਤਾਰ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ, ਜਦਕਿ ਪਹਿਲਾਂ ਇਹ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ।
ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਸਮੇਂ 25 ਮਈ ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਲੋਕ ਤਪਦੀ ਗਰਮੀ ਦੌਰਾਨ ਸਵੇਰੇ ਹੀ ਆਪਣੇ ਸਰਕਾਰੀ ਕੰਮ ਆਸਾਨੀ ਨਾਲ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਾਰੇ ਸਬੰਧਤ ਪੱਖਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਮੇਂ ਨਾਲ ਲੋਕਾਂ ਨੂੰ ਆਪਣੇ ਕੰਮ ਲਈ ਦਫ਼ਤਰਾਂ ਤੋਂ ਛੁੱਟੀ ਲੈਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਸਵੇਰੇ ਹੀ ਆਪਣੇ ਸਰਕਾਰੀ ਕੰਮ ਨਿਪਟਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ ਕਿਉਂਕਿ ਉਹ ਦੁਪਹਿਰ ਦੀ ਤਿੱਖੀ ਗਰਮੀ ਤੋਂ ਪਹਿਲਾਂ ਆਪਣੀ ਡਿਊਟੀ ਮੁਕੰਮਲ ਕਰ ਸਕਣਗੇ।
ਮਾਨ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਸਮੇਂ ਵੀ ਬਦਲੇ ਜਾਣ ਕਾਰਨ ਬੱਚੇ ਵੀ ਜਲਦੀ ਘਰ ਆ ਜਾਣਗੇ ਅਤੇ ਕਰਮਚਾਰੀਆਂ ਨੂੰ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਅਤੇ ਲੋਕਾਂ ਦੀ ਸੁਵਿਧਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
watch……Historic Moment: Rural Students Beat Urban in Punjab Class 10th Exams; Jaito’s Harleen Bags Top Spot
ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਸਮੇਂ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਦੇ ਅੰਕੜਿਆਂ ਅਨੁਸਾਰ ਦੁਪਹਿਰ 1 ਵਜੇ ਤੋਂ ਬਾਅਦ ਬਿਜਲੀ ਦੀ ਮੰਗ ਸਭ ਤੋਂ ਵੱਧ ਹੁੰਦੀ ਹੈ, ਇਸ ਲਈ ਨਵੇਂ ਸਮੇਂ ਨਾਲ ਬਿਜਲੀ ਦੀ ਖਪਤ ਵਿੱਚ ਵੀ ਕਮੀ ਆਵੇਗੀ ਅਤੇ ਪਾਵਰ ਸਿਸਟਮ ‘ਤੇ ਦਬਾਅ ਘਟੇਗਾ।
ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।




