Onnline TV

ਪੰਜਾਬ ਪੰਜਾਬੀ

ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ

ਚੰਡੀਗੜ੍ਹ, 20 ਜੂਨ 

ਆਮ ਆਦਮੀ ਪਾਰਟੀ (ਆਪ) ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਕਥਿਤ ਫਰਜ਼ੀ ਵੀਡੀਓ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਨੇ ਦੋਸ਼ ਲਗਾਇਆ ਕਿ ਇਹ ਵੀਡੀਓ ਮੁੱਖ ਮੰਤਰੀ ਭਗਵੰਤ  ਮਾਨ ਦੀ ਛਵੀ ਨੂੰ ਖ਼ਰਾਬ ਕਰਨ ਅਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਫੈਲਾਈ ਗਈ ਹੈ।

‘ਆਪ’ ਵੱਲੋਂ ਸ਼ਿਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸੜਕਾਂ ‘ਤੇ ਉਤਰ ਕੇ ਵਿਰੋਧੀ ਧਿਰ ‘ਤੇ ਧਾਰਮਿਕ ਭਾਵਨਾਵਾਂ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਸੂਬੇ ਦੀ ਤਰੱਕੀ ਨੂੰ ਰੋਕਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਗਾਏ।

ਫ਼ਰੀਦਕੋਟ, ਬਰਨਾਲਾ, ਮਾਨਸਾ, ਕਪੂਰਥਲਾ, ਮੋਗਾ ਅਤੇ ਬਾਦਲ ਸਮੇਤ ਕਈ ਥਾਵਾਂ ‘ਤੇ ਹੋਏ ਪ੍ਰਦਰਸ਼ਨਾਂ ਦੌਰਾਨ ਕਾਰਕੁਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੁਝ ਸਿਆਸੀ ਤਾਕਤਾਂ ਆਪਣੇ ਸਵਾਰਥ ਲਈ ਵਾਰ-ਵਾਰ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਲੋਕਾਂ ਵਿੱਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੱਥੇ ਵਿਰੋਧੀ ਪਾਰਟੀਆਂ ਨਫ਼ਰਤ ਅਤੇ ਝੂਠ ਦੀ ਰਾਜਨੀਤੀ ਕਰ ਰਹੀਆਂ ਹਨ, ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਰਦਰਸ਼ੀ ਪ੍ਰਸ਼ਾਸਨ, ਰੋਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

watch…..ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ

ਮੋਹਾਲੀ ਵਿੱਚ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੀਆਂ ਕਥਿਤ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਗਤੀਵਿਧੀਆਂ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤੇ ਹਨ।

ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਜਿਹੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕਰੀਬ 44 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਪਿੰਡਾਂ ਵਿੱਚ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ, ਲਗਭਗ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕੰਮ ਚੱਲ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਕਾਰਨ ਵਿਰੋਧੀ ਪਾਰਟੀਆਂ ਬੌਖਲਾ ਗਈਆਂ ਹਨ ਅਤੇ ਹੁਣ ਉਹ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਸੋਸ਼ਲ ਮੀਡੀਆ ‘ਤੇ ਮਨਘੜਤ ਸਮੱਗਰੀ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਚੀਮਾ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਦੇ ਲੋਕਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਣ ਅਤੇ ਇਹ ਸੰਦੇਸ਼ ਦੇਣ ਲਈ ਕੀਤੇ ਗਏ ਹਨ ਕਿ ਝੂਠ ਅਤੇ ਫਰੇਬ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਕਾਸ ਦੀ ਰਾਜਨੀਤੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।”

LEAVE A RESPONSE

Your email address will not be published. Required fields are marked *