ਚੰਡੀਗੜ੍ਹ, 28 ਜੂਨ
ਬਾਣੀ ਵਿਚਾਰ ਚੇਤਨਾ ਮੰਚ ਰਜਿ. ਪੰਜਾਬ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਪੰਜਵਾਂ ਸੈਮੀਨਾਰ ਚੰਡੀਗੜ੍ਹ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਸੈਮੀਨਾਰ ਦੇ ਮੁੱਖ ਮਹਿਮਾਨ ਸਾਬਕਾ ਆਈਪੀਐਸ ਅਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ ਡਾ. ਮਨਮੋਹਨ ਨੇ ਕਿਹਾ ਕਿ ਜਦੋਂ ਸਮਾਜ ਵਿੱਚ ਇਨਸਾਨ ਵੱਲੋਂ ਇਨਸਾਨ ਨਾਲ ਭੇਦਭਾਵ ਕੀਤਾ ਜਾਂਦਾ ਸੀ, ਉਸ ਸਮੇਂ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਇੰਨਾ ਪ੍ਰਭਾਵਸ਼ਾਲੀ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਇਸ ਨੂੰ ਅੱਗੇ ਵਧਾਉਂਦੇ ਹੋਏ ਸਮਾਜ ਨੂੰ ਇਕਜੁੱਟਤਾ ਅਤੇ ਬਰਾਬਰੀ ਦਾ ਰਾਹ ਦਿਖਾਇਆ।
ਕਰਨਲ ਪ੍ਰਿਥਵੀ ਰਾਜ ਕੁਮਾਰ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਗੁਰੂ ਰਵਿਦਾਸ ਜੀ ਅਤੇ ਸੰਤ ਕਬੀਰ ਜੀ ਦੇ ਸਮਾਜਿਕ ਅਤੇ ਧਾਰਮਿਕ ਵਿਚਾਰਾਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਮਹਾਨ ਸੰਤਾਂ ਨੇ ਜਾਤ-ਪਾਤ ਅਤੇ ਸਮਾਜਿਕ ਅਸਮਾਨਤਾ ਵਿੱਚ ਫਸੇ ਸਮਾਜ ਨੂੰ ਨਵੀਂ ਸੋਚ ਅਤੇ ਕ੍ਰਾਂਤੀਕਾਰੀ ਦਿਸ਼ਾ ਦਿੱਤੀ, ਜਿਸ ਦਾ ਪ੍ਰਭਾਵ ਅੱਜ ਵੀ ਮਹਿਸੂਸ ਕੀਤਾ ਜਾਂਦਾ ਹੈ।
watch….ਜਿਹੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਿਸੇ ਦੇ ਵੀ ਵਫ਼ਾਦਾਰ ਨਹੀਂ ਹੋ ਸਕਦੇ: ਮੁੱਖ ਮੰਤਰੀ
ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਮੁਖੀ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੇ ਅਧਿਆਤਮਿਕ ਵਿਚਾਰਾਂ ਨੂੰ ਪਾਖੰਡਾਂ ਤੋਂ ਦੂਰ ਕਰਕੇ ‘ਸਤਨਾਮ’ ਦੇ ਸੰਕਲਪ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ‘ਬੇਗਮਪੁਰਾ’ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਪ੍ਰੇਰਣਾ ਦਾ ਸਰੋਤ ਹੈ।
ਦਲਿਤ ਚਿੰਤਕ ਡਾ. ਰੌਣਕੀ ਰਾਮ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਮਾਜਿਕ ਚੁਣੌਤੀਆਂ ਦਾ ਹੱਲ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਲੱਭਿਆ ਜਾ ਸਕਦਾ ਹੈ।
ਮੰਚ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਅਕੀਦਾ ਨੇ ਦੱਸਿਆ ਕਿ ਸੰਸਥਾ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ 24 ਸੈਮੀਨਾਰ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸੇ ਤਹਿਤ ਪਟਿਆਲਾ ਵਿਖੇ ਤਿੰਨ ਦਿਨਾਂ ਕਾਨਫਰੰਸ ਵੀ ਕਰਵਾਈ ਜਾਵੇਗੀ।
ਸੈਮੀਨਾਰ ਦੇ ਕੋਆਰਡੀਨੇਟਰ ਫਤਿਹਜੰਗ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਸੰਸਥਾ ਦਾ ਮੁੱਖ ਉਦੇਸ਼ ਹੈ। ਪ੍ਰਬੰਧਕ ਓ.ਪੀ. ਚੋਪੜਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਪ੍ਰੇਰਣਾ ਲੈਂਦੇ ਹੋਏ ਸਮਾਜ ਸੇਵਾ ਦੇ ਖੇਤਰ ਵਿੱਚ ਮਹੱਤਵਪੂਰਨ ਕਾਰਜ ਕੀਤੇ ਜਾ ਰਹੇ ਹਨ।
ਇਸ ਮੌਕੇ ਡਾ. ਗੁਰਮੀਤ ਕੱਲਰਮਾਜਰੀ ਵੱਲੋਂ ਸੰਪਾਦਿਤ ਪੁਸਤਕ ‘ਆਦਿ ਧਰਮ ਮੰਡਲ ਰਿਪੋਰਟ 1931’ ਵੀ ਰਿਲੀਜ਼ ਕੀਤੀ ਗਈ। ਡਾ. ਕੱਲਰਮਾਜਰੀ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਗੁਰੂ ਰਵਿਦਾਸ ਜੀ ਦੇ ਨਾਲ-ਨਾਲ ਭੁੱਲੇ-ਵਿਸਰੇ ਨਾਇਕਾਂ, ਭਗਤਾਂ ਅਤੇ ਦਸਾਂ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਵਿਚਾਰਾਂ ’ਤੇ ਵੀ ਸੈਮੀਨਾਰ ਕਰਵਾਉਣ ਦੀ ਯੋਜਨਾ ਹੈ।
ਇਸ ਮੌਕੇ ਡੀਪੀਆਰ ਪੰਜਾਬ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਜੈ ਸਿੰਘ ਛਿੱਬਰ, ਜਗਦੀਸ਼ ਲਾਲ ਬੱਧਣ, ਪ੍ਰੋ. ਲਾਲ ਬਹਾਦਰ ਭਾਟੀਆ, ਡਾ. ਸੰਤੋਖ ਸੁੱਖੀ, ਬਲਵਿੰਦਰ ਸਿਪਰੇ, ਪਰਮਿੰਦਰ ਸਿੰਘ ਰਾਏਪੁਰ, ਹਰਣੇਕ ਸਿੰਘ ਚੁੰਨੀ, ਹਰਣਾਮ ਸਿੰਘ ਡੱਲਾ ਰੋਪੜ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।


