Homeਪੰਜਾਬੀਪੰਜਾਬਐਸ.ਆਈ.ਆਰ.-2026 ਦੌਰਾਨ ਕਿਸੇ ਵੀ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ

ਐਸ.ਆਈ.ਆਰ.-2026 ਦੌਰਾਨ ਕਿਸੇ ਵੀ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ

- Advertisement -spot_img

ਸੰਗਰੂਰ, 1 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦ ਵੀ ਆਪਣਾ ਗਣਨਾ ਫਾਰਮ ਭਰਿਆ ਅਤੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਲਗਭਗ 90 ਫੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਪੂਰੀ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਦੀ ਅਸਲੀ ਵੋਟ ਕੱਟਣ ਨਹੀਂ ਦੇਵੇਗੀ ਅਤੇ ਹਰ ਨਾਗਰਿਕ ਦੇ ਲੋਕਤੰਤਰੀ ਹੱਕਾਂ ਦੀ ਪੂਰੀ ਰਾਖੀ ਕੀਤੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਜਾਂਚ ਅਤੇ ਸੁਧਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 90 ਫੀਸਦੀ ਮੈਪਿੰਗ ਦਾ ਟੀਚਾ ਹਾਸਲ ਹੋਣਾ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਅਮਲੇ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।

ਮੁੱਖ ਮੰਤਰੀ ਨੇ ਇਸ ਪ੍ਰਾਪਤੀ ਲਈ ਸਮੂਹ ਬੀ.ਐਲ.ਓਜ਼ ਅਤੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਘਰ-ਘਰ ਜਾ ਕੇ ਨਾ ਸਿਰਫ਼ ਗਣਨਾ ਫਾਰਮ ਮੁਹੱਈਆ ਕਰਵਾ ਰਹੇ ਹਨ, ਸਗੋਂ ਲੋਕਾਂ ਨੂੰ ਫਾਰਮ ਭਰਨ ਵਿੱਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਲਈ ਕਿਸੇ ਵਾਧੂ ਦਸਤਾਵੇਜ਼ ਦੀ ਲੋੜ ਨਹੀਂ ਹੈ ਅਤੇ ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਘਰ ਬੰਦ ਮਿਲਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ ਅਤੇ ਸਟਿੱਕਰ ਲਗਾਉਣਗੇ ਅਤੇ ਘੱਟੋ-ਘੱਟ ਤਿੰਨ ਵਾਰ ਉਸ ਘਰ ਦਾ ਦੌਰਾ ਕਰਕੇ ਭਰਿਆ ਹੋਇਆ ਫਾਰਮ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨਗੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਆਪਣਾ ਗਣਨਾ ਫਾਰਮ ਜਮ੍ਹਾਂ ਕਰਵਾਉਣ, ਕਿਉਂਕਿ ਸਿਰਫ਼ ਉਹੀ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ ਜਿਨ੍ਹਾਂ ਦੇ ਫਾਰਮ ਸਹੀ ਢੰਗ ਨਾਲ ਜਮ੍ਹਾਂ ਹੋਣਗੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਵੱਲੋਂ ਫਾਰਮ ਜਮ੍ਹਾਂ ਨਹੀਂ ਕਰਵਾਇਆ ਜਾਵੇਗਾ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਜਾਣਕਾਰੀ ਇਕੱਠੀ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਮਾਮਲਿਆਂ ਨੂੰ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰਾਂ ਦੀਆਂ ਸ਼੍ਰੇਣੀਆਂ ਵਿੱਚ ਰੱਖਿਆ ਜਾਵੇਗਾ।

watch…..ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ

ਮੁੱਖ ਮੰਤਰੀ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਇਸ ਨੂੰ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਵੀ ਸਾਂਝਾ ਕੀਤਾ ਜਾਵੇਗਾ। ਜੇਕਰ ਕੋਈ ਵੋਟਰ ਇਸ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਸਕਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਤੱਕ ਫਾਰਮ-6 ਅਤੇ ਡੈਕਲਾਰੇਸ਼ਨ ਫਾਰਮ ਰਾਹੀਂ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਯੋਗ ਵੋਟਰ ਨੂੰ ਉਸ ਦੇ ਜਮਹੂਰੀ ਹੱਕ ਤੋਂ ਵਾਂਝਾ ਨਹੀਂ ਹੋਣ ਦਿੱਤਾ ਜਾਵੇਗਾ।

ਅੰਤ ਵਿੱਚ ਉਨ੍ਹਾਂ ਸੂਬੇ ਦੇ ਹਰ ਯੋਗ ਵੋਟਰ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ, ਕਿਉਂਕਿ ਇਸ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਪਾਰਦਰਸ਼ੀ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here