ਧੂਰੀ (ਸੰਗਰੂਰ), 1 ਜੁਲਾਈ:
ਪੰਜਾਬ ਦੀਆਂ ਲੱਖਾਂ ਔਰਤਾਂ ਲਈ ਅੱਜ ਦਾ ਦਿਨ ਖਾਸ ਬਣ ਗਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ।
ਧੂਰੀ ਵਿਖੇ ਇੱਕ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਜਾ ਰਹੀ ਹੈ। ਇਸ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਰਾਸ਼ੀ ਵਜੋਂ 3,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4,500 ਰੁਪਏ ਜਾਰੀ ਕੀਤੇ ਗਏ ਹਨ।
ਸਮਾਗਮ ਦੌਰਾਨ ਹੀ ਲਾਭਪਾਤਰੀ ਔਰਤਾਂ ਦੇ ਮੋਬਾਈਲ ਫੋਨਾਂ ’ਤੇ ਬੈਂਕ ਖਾਤਿਆਂ ਵਿੱਚ ਰਕਮ ਪਹੁੰਚਣ ਦੇ ਐਸਐਮਐਸ ਆਉਣੇ ਸ਼ੁਰੂ ਹੋ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
watch….ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਹੁਣ ਤੱਕ 40 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ ਅਤੇ ਲਗਭਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਔਰਤਾਂ ਨੂੰ ਮਾਣ ਅਤੇ ਸਨਮਾਨ ਦੇਣ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਪਰਿਵਾਰ ਅਤੇ ਸਮਾਜ ਦੀ ਨੀਂਹ ਹਨ ਅਤੇ ਉਨ੍ਹਾਂ ਦੀ ਵਿੱਤੀ ਖੁਦਮੁਖਤਿਆਰੀ ਸਮਾਜਿਕ ਬਦਲਾਅ ਲਈ ਬਹੁਤ ਜ਼ਰੂਰੀ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਇਹ ਯੋਜਨਾ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਬੰਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਦੇ ਮੋਬਾਈਲ ਫੋਨ ਖੁਸ਼ਹਾਲੀ ਦੇ ਨਵੇਂ ਸੁਨੇਹਿਆਂ ਨਾਲ ਬੀਪ ਕਰਨਗੇ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਹੋਰ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾ ਰਿਹਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਮੁੱਖ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਪ੍ਰਤੀ ਸਰਕਾਰ ਦੇ ਵਿਸ਼ਵਾਸ ਅਤੇ ਸਨਮਾਨ ਦਾ ਪ੍ਰਤੀਕ ਹੈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਮਨੀਸ਼ ਸਿਸੋਦੀਆ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਅਰਜ਼ੀ ਕਿਵੇਂ ਦੇਣੀ ਹੈ?
ਯੋਗ ਔਰਤਾਂ ਇਸ ਯੋਜਨਾ ਲਈ ਨਿਰਧਾਰਤ ਸਰਕਾਰੀ ਕੇਂਦਰਾਂ ’ਤੇ ਜਾ ਕੇ ਆਫਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੈ।
ਅਪਲਾਈ ਕਰਨ ਲਈ ਸਥਾਨ:
- ਨਜ਼ਦੀਕੀ ਆਂਗਣਵਾੜੀ ਕੇਂਦਰ
- ਸੇਵਾ ਕੇਂਦਰ
- ਮਿਊਂਸਪਲ ਕੌਂਸਲ ਦਫ਼ਤਰ
- ਸਬੰਧਤ ਬਲਾਕ ਦਫ਼ਤਰ
ਲੋੜੀਂਦੇ ਦਸਤਾਵੇਜ਼:
- ਆਧਾਰ ਕਾਰਡ
- ਪੰਜਾਬ ਵੋਟਰ ਆਈਡੀ ਕਾਰਡ
- ਆਧਾਰ ਨਾਲ ਲਿੰਕ ਬੈਂਕ ਖਾਤੇ ਦੀ ਜਾਣਕਾਰੀ/ਪਾਸਬੁੱਕ
- ਆਮਦਨ ਸਰਟੀਫਿਕੇਟ (ਜੇ ਲਾਗੂ ਹੋਵੇ)
- ਪਾਸਪੋਰਟ ਸਾਈਜ਼ ਫੋਟੋ
- ਅਨੁਸੂਚਿਤ ਜਾਤੀ ਸਰਟੀਫਿਕੇਟ (ਜੇ ਲਾਗੂ ਹੋਵੇ)
ਅਰਜ਼ੀ ਦੀ ਪ੍ਰਕਿਰਿਆ:
- ਨਜ਼ਦੀਕੀ ਰਜਿਸਟ੍ਰੇਸ਼ਨ ਕੇਂਦਰ ’ਤੇ ਜਾਓ।
- ਯੋਜਨਾ ਦਾ ਫਾਰਮ ਪ੍ਰਾਪਤ ਕਰੋ।
- ਸਹੀ ਜਾਣਕਾਰੀ ਭਰੋ।
- ਲੋੜੀਂਦੇ ਦਸਤਾਵੇਜ਼ ਨਾਲ ਜੋੜੋ।
- ਫਾਰਮ ਜਮ੍ਹਾਂ ਕਰਵਾਉਣ ਤੋਂ ਬਾਅਦ ਰਸੀਦ ਲਵੋ।
ਜਿਨ੍ਹਾਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਅਜੇ ਵੀ ਅਪਲਾਈ ਕਰ ਸਕਦੀਆਂ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਾਰੀਖ ਨਹੀਂ ਹੈ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਮਿਲੇਗਾ।

