ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, 3 ਵਾਹਨ ਇੰਪਾਊਂਡ, 526 ਦੇ ਚਲਾਨ
ਚੰਡੀਗੜ੍ਹ, 6 ਜੁਲਾਈ:
ਸੂਬੇ ਦੇ ਹਰ ਸਕੂਲੀ ਬੱਚੇ ਦੀ ਸੁਰੱਖਿਆ ਨੂੰ ਸਰਵੋੱਚ ਤਰਜੀਹ ਦਿੰਦਿਆਂ ਪੰਜਾਬ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਸਖ਼ਤੀ ਨਾਲ ਲਾਗੂ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੇ ਸਕੂਲ ਆਉਣ-ਜਾਣ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਭਰੋਸੇਯੋਗ ਬਣਾਉਣ ਲਈ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ ਅਪ੍ਰੈਲ ਅਤੇ ਮਈ ਦੌਰਾਨ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਗੰਭੀਰ ਖਾਮੀਆਂ ਪਾਏ ਜਾਣ ‘ਤੇ 3 ਬੱਸਾਂ ਨੂੰ ਮੌਕੇ ‘ਤੇ ਹੀ ਇੰਪਾਊਂਡ ਕੀਤਾ ਗਿਆ।
ਉਨ੍ਹਾਂ ਕਿਹਾ ਕਿ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਕੂਲੀ ਵਾਹਨਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਮੁੜ ਖੁੱਲ੍ਹਣ ਨਾਲ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਹੋਰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲਿਜਾਣ ਵਾਲਾ ਹਰ ਵਾਹਨ ਫਿਟਨੈੱਸ, ਸੁਰੱਖਿਆ ਅਤੇ ਹੋਰ ਸਾਰੇ ਲਾਜ਼ਮੀ ਮਾਪਦੰਡਾਂ ‘ਤੇ ਪੂਰਾ ਉਤਰੇ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਸੇਫ ਸਕੂਲ ਵਾਹਨ ਪਾਲਿਸੀ’ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਜਾਂਚ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
watch…..ਪਟਿਆਲਾ ਨੂੰ ਮਿਲੀ ਨਵੀਂ ਸੌਗਾਤ, ਵਿਧਾਇਕ ਕੋਹਲੀ ਨੇ ਸਨੌਰ ਰੋਡ ‘ਤੇ 1 ਕਰੋੜ ਦੀ ਸੜਕ ਲੋਕਾਂ ਨੂੰ ਸਮਰਪਿਤ
ਡਾ. ਬਲਜੀਤ ਕੌਰ ਨੇ ਸਕੂਲ ਪ੍ਰਬੰਧਕਾਂ, ਟਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਸਾਂਝੀ ਜ਼ਿੰਮੇਵਾਰੀ ਸਮਝਦੇ ਹੋਏ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਣ।
ਉਨ੍ਹਾਂ ਕਿਹਾ, “ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚੇ ਦਾ ਇਹ ਅਧਿਕਾਰ ਹੈ ਕਿ ਉਹ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚੇ ਅਤੇ ਸੁਰੱਖਿਅਤ ਘਰ ਵਾਪਸ ਆਵੇ। ਪੰਜਾਬ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਇਸ ਵਚਨਬੱਧਤਾ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ।


