ਪਟਿਆਲਾ, 15 ਜੁਲਾਈ
ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਉਪਰਾਲਿਆਂ ਤਹਿਤ ਅੱਜ ਨਾਭਾ ਰੋਡ ਭਾਖੜਾ ਤੋਂ ਥਾਪਰ ਕਾਲਜ ਤੱਕ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤੀ। ਇਸ ਸੜਕ ਦੇ ਨਿਰਮਾਣ ‘ਤੇ ਲਗਭਗ 4 ਕਰੋੜ 58 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਐਕਸੀਅਨ ਹਰਪ੍ਰੀਤ ਸਿੰਘ, ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 59 ਦੇ ਇੰਚਾਰਜ ਘੁੰਮਣ ਸਿੰਘ ਫੌਜੀ ਅਤੇ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ ਕੋਚ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਰਹੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ ਪ੍ਰਣਾਲੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਪਟਿਆਲਾ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਲੁਧਿਆਣਾ, ਮਲੇਰਕੋਟਲਾ, ਨਾਭਾ ਅਤੇ ਹੋਰ ਨੇੜਲੇ ਸ਼ਹਿਰਾਂ ਤੋਂ ਆਉਣ-ਜਾਣ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਇਹ ਸੜਕ ਰੋਜ਼ਾਨਾ ਭਾਰੀ ਆਵਾਜਾਈ ਵਾਲਾ ਮਹੱਤਵਪੂਰਨ ਰੂਟ ਹੈ, ਜਿਸ ਕਰਕੇ ਇਸ ਦਾ ਨਵੀਨੀਕਰਨ ਬਹੁਤ ਲੋੜੀਂਦਾ ਸੀ।
watch…..ਜਲਿਆਂਵਾਲਾ ਬਾਗ ਤੋਂ ਵਾਹਗਾ ਬਾਰਡਰ ਤੱਕ ਦਰਸ਼ਨ ਕਰਵਾਏਗੀ ਮੁੱਖ ਮੰਤਰੀ ਤੀਰਥ ਯਾਤਰਾ
ਵਿਧਾਇਕ ਕੋਹਲੀ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਤਰਜੀਹ ਦੇ ਆਧਾਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੜਕ ਨਿਰਮਾਣ ਦਾ ਕੰਮ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਇਸ ਪ੍ਰੋਜੈਕਟ ਦਾ ਪੂਰਾ ਲਾਭ ਮਿਲ ਸਕੇ।




