ਚੰਡੀਗੜ੍ਹ, 17 ਜੁਲਾਈ
ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤਹਿਤ ਘਰ-ਘਰ ਗਣਨਾ ਦਾ ਕੰਮ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ 19 ਜੁਲਾਈ 2026 (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਣਗੇ।
ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ ਅਨਿੰਦਿਤਾ ਮਿਤਰਾ, ਆਈਏਐਸ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ, ਉਹ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ 19 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਮ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ।
ਸੀਈਓ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਅਫ਼ਸਰ (ਬੀਐਲਓ) ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।




