ਚੰਡੀਗੜ੍ਹ, 20 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਕੂਮਕਲਾਂ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਉਪ-ਨਿਰੀਖਕ (ਏਐਸਆਈ) ਜਗਜੀਵਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਥਾਣਾ ਕੂਮਕਲਾਂ ਵਿੱਚ ਇੱਕ ਮਾਮਲਾ ਦਰਜ ਸੀ, ਜਿਸ ਦੀ ਜਾਂਚ ਏਐਸਆਈ ਜਗਜੀਵਨ ਸਿੰਘ ਕਰ ਰਿਹਾ ਸੀ। ਜਦੋਂ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੇ ਕੇਸ ਸਬੰਧੀ ਉਸ ਨੂੰ ਮਿਲਿਆ ਤਾਂ ਮੁਲਜ਼ਮ ਨੇ ਉਸ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕਰ ਲਈ।
watch……Vigilance Bureau Catches Cooperative Inspector Red-Handed Taking ₹50,000 Bribe
ਇਸ ਤੋਂ ਬਾਅਦ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਬੁਲਾ ਕੇ ਹੋਰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ।
ਰਿਸ਼ਵਤ ਦੇਣ ਦੀ ਬਜਾਏ ਕਾਨੂੰਨੀ ਰਸਤਾ ਅਪਣਾਉਂਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਤਸਦੀਕ ਉਪਰੰਤ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਵਿਛਾ ਕੇ ਮੁਲਜ਼ਮ ਏਐਸਆਈ ਜਗਜੀਵਨ ਸਿੰਘ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।




