ਪਟਿਆਲਾ, 31 ਜੁਲਾਈ
ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ, ਪਟਿਆਲਾ ਦੇ ਵਿਦਿਆਰਥੀਆਂ ਨੇ ਜੇਈਈ ਅਤੇ ਨੀਟ ਵਰਗੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 8 ਵਿਦਿਆਰਥੀਆਂ ਨੇ ਜੇਈਈ ਅਤੇ 6 ਵਿਦਿਆਰਥੀਆਂ ਨੇ ਨੀਟ-2026 ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਕੂਲ ਦੀ ਪ੍ਰਿੰਸੀਪਲ ਵਿਜੇ ਕਪੂਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਸਾਲ 2026 ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਜੇਈਈ ਅਤੇ ਨੀਟ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਦਰਜ ਕੀਤੀ ਗਈ ਉਲੇਖਣਯੋਗ ਸਫਲਤਾ ਲਈ ਦਿੱਤਾ ਗਿਆ।
watch…..ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ, ਜੇਈਈ-ਨੀਟ ਵਿੱਚ ਵਿਦਿਆਰਥੀਆਂ ਨੇ ਲਹਿਰਾਇਆ ਪਰਚਮ
ਨੀਟ-2026 ਵਿੱਚ ਸਫਲ ਹੋਣ ਵਾਲੇ ਵਿਦਿਆਰਥੀਆਂ ਵਿੱਚ ਰਾਜਵੰਸ਼ ਆਹਲੂਵਾਲੀਆ, ਨਵਜੋਤ ਸਿੰਘ, ਵਿਧਿਤਾ, ਇਸ਼ਨੂਰ ਕੌਰ, ਮਨਿੰਦਰ ਸਿੰਘ ਅਤੇ ਸੀਮਾ ਗੁਪਤਾ ਸ਼ਾਮਲ ਹਨ। ਇਸ ਤੋਂ ਇਲਾਵਾ, ਜੇਈਈ ਪ੍ਰੀਖਿਆ ਵਿੱਚ 8 ਵਿਦਿਆਰਥੀਆਂ ਦੀ ਸਫਲਤਾ ਸਕੂਲ ਦੀ ਮਜ਼ਬੂਤ ਅਕਾਦਮਿਕ ਕਾਰਗੁਜ਼ਾਰੀ ਦਾ ਸਬੂਤ ਹੈ।
ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਪੰਜਾਬ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਲਗਾਤਾਰ ਕਾਮਯਾਬੀ ਹਾਸਲ ਕਰ ਰਹੇ ਹਨ। ਉਨ੍ਹਾਂ ਪ੍ਰਿੰਸੀਪਲ ਵਿਜੇ ਕਪੂਰ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਸਰਕਾਰੀ ਸਕੂਲਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਇਸ ਸਨਮਾਨ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਟੀਮ ਵਰਕ, ਯੋਜਨਾਬੱਧ ਤਿਆਰੀ ਅਤੇ ਨਿਰੰਤਰ ਮਿਹਨਤ ਦੇ ਨਤੀਜੇ ਵਜੋਂ ਇਹ ਸਫਲਤਾ ਸੰਭਵ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹੋਰ ਬਿਹਤਰ ਮਾਰਗਦਰਸ਼ਨ ਅਤੇ ਮਾਹੌਲ ਪ੍ਰਦਾਨ ਕੀਤਾ ਜਾਵੇਗਾ।
ਇਸ ਸਨਮਾਨ ਨਾਲ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੀ ਮਿਹਨਤ, ਯੋਗਤਾ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਨਾਲ ਦੇਸ਼ ਦੀਆਂ ਸਭ ਤੋਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।
ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਕਰਕੇ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਵਿਜੇ ਕਪੂਰ ਦਾ ਸਮੁੱਚੇ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਸ਼ਾਲੂ ਮਹਿਰਾ ਨੇ ਵੀ ਪ੍ਰਿੰਸੀਪਲ ਵਿਜੇ ਕਪੂਰ ਨੂੰ ਇਸ ਵਿਸ਼ੇਸ਼ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ।




