ਪਠਾਨਕੋਟ, 1 ਅਗਸਤ:
ਪੰਜਾਬ ਸਰਕਾਰ ਨੇ ਅੱਜ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਹੋਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਸਿੱਧੀ ਟਰਾਂਸਫਰ ਕੀਤੀ। ਇਸ ਨਾਲ ਯੋਜਨਾ ਦਾ ਲਾਭ ਲੈਣ ਵਾਲੀਆਂ ਮਹਿਲਾਵਾਂ ਦੀ ਕੁੱਲ ਗਿਣਤੀ 68.5 ਲੱਖ ਤੱਕ ਪਹੁੰਚ ਗਈ ਹੈ। ਪਠਾਨਕੋਟ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਆਮ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 4,500 ਰੁਪਏ ਇਕੱਠੇ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੂੰ ਵੀ ਪਹਿਲੀ ਵਾਰ ਇਸ ਯੋਜਨਾ ਦਾ ਵੱਖਰਾ ਲਾਭ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ ਪੰਜ ਲੱਖ ਮਹਿਲਾਵਾਂ ਨੇ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ ਦੀ ਗਿਣਤੀ 73.5 ਲੱਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਯੋਗ ਮਹਿਲਾਵਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਹਰ ਯੋਗ ਮਹਿਲਾ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
ਆਪਣੇ ‘ਐਕਸ’ (X) ਖਾਤੇ ‘ਤੇ ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਇਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ 33 ਲੱਖ ਮਹਿਲਾਵਾਂ ਨੂੰ ਮਾਣ-ਭੱਤਾ ਦੇਣ ਤੋਂ ਬਾਅਦ ਅੱਜ 35.5 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜੀ ਗਈ ਹੈ। ਜਿਨ੍ਹਾਂ ਮਹਿਲਾਵਾਂ ਨੇ ਬਾਅਦ ਵਿੱਚ ਅਰਜ਼ੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਮਿਲਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਰਕਮ ਮਹਿਲਾਵਾਂ ਦਾ ਹੱਕ ਹੈ ਅਤੇ ਹੁਣ ਉਨ੍ਹਾਂ ਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਹੋਰ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵਾਅਦਾ ਕਰਦੀ ਹੈ, ਉਹ ਪੂਰਾ ਵੀ ਕਰਦੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ ਅਤੇ ਹੁਣ ਮਾਵਾਂ-ਭੈਣਾਂ ਨਾਲ ਕੀਤਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਪੂਰੀ ਤਰ੍ਹਾਂ ਮਹਿਲਾਵਾਂ ਦੀ ਆਪਣੀ ਹੈ ਅਤੇ ਇਸ ਦੀ ਵਰਤੋਂ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ।
ਮੁੱਖ ਮੰਤਰੀ ਨੇ ਦੱਸਿਆ ਕਿ ਪੈਸੇ ਟਰਾਂਸਫਰ ਹੋਣ ਸਬੰਧੀ ਸੰਦੇਸ਼ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ‘ਤੇ ਪਹਿਲਾਂ ਹੀ ਭੇਜੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਰਕਮ ਸਮੇਂ ਸਿਰ ਹਰ ਲਾਭਪਾਤਰੀ ਦੇ ਖਾਤੇ ਵਿੱਚ ਪਹੁੰਚੇ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਇਸ ਰਕਮ ਦੀ ਵਰਤੋਂ ਆਪਣੀ ਲੋੜ ਮੁਤਾਬਕ ਕਰ ਸਕਦੀਆਂ ਹਨ, ਭਾਵੇਂ ਉਹ ਬੱਚਿਆਂ ਦੀ ਪੜ੍ਹਾਈ, ਘਰੇਲੂ ਖਰਚ, ਸ਼ਗਨ ਜਾਂ ਹੋਰ ਕਿਸੇ ਜ਼ਰੂਰਤ ਲਈ ਹੋਵੇ। ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 73 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਨਾਲ ਜੁੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਹਰ ਮਹੀਨੇ ਆਮ ਮਹਿਲਾਵਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦਿੱਤੇ ਜਾਂਦੇ ਹਨ। ਇਸ ਵਾਰ ਜੁਲਾਈ, ਅਗਸਤ ਅਤੇ ਸਤੰਬਰ ਦੀਆਂ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ ਗਈਆਂ ਹਨ।
watch……ਜੇਈਈ ਵਿੱਚ 8 ਤੇ ਨੀਟ ਵਿੱਚ 6 ਵਿਦਿਆਰਥੀਆਂ ਦੀ ਸਫਲਤਾ, ਮਲਟੀਪਰਪਜ਼ ਸਕੂਲ ਨੇ ਜਿੱਤਿਆ ਸਭ ਦਾ ਦਿਲ
ਉਨ੍ਹਾਂ ਭਰੋਸਾ ਦਿੱਤਾ ਕਿ ਜੋ ਮਹਿਲਾਵਾਂ ਹੁਣ ਵੀ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਵੀ 1 ਜੁਲਾਈ 2026 ਤੋਂ ਯੋਜਨਾ ਦਾ ਲਾਭ ਮਿਲੇਗਾ। ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ ਅਤੇ ਅਨੁਮਾਨ ਹੈ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਇਸ ਦਾ ਲਾਭ ਲੈਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਮਦਦ ਹੀ ਨਹੀਂ, ਸਗੋਂ ਮਹਿਲਾਵਾਂ ਦੇ ਮਾਣ-ਸਨਮਾਨ ਅਤੇ ਸਵੈ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਇਸ ਮੌਕੇ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਇਹ ਯੋਜਨਾ ਵੀ ਉਸੇ ਵਚਨਬੱਧਤਾ ਦੀ ਮਿਸਾਲ ਹੈ। ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ ਅਤੇ ਲਾਲ ਚੰਦ ਕਟਾਰੂਚੱਕ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾਂਦੀ ਹੈ। ਆਮ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ। ਮੌਜੂਦਾ ਕਿਸ਼ਤ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਗਈ ਹੈ। ਰਕਮ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (PFMS) ਰਾਹੀਂ ਸਿੱਧੀ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ਤਾਂ ਜੋ ਪਾਰਦਰਸ਼ਤਾ ਬਣੀ ਰਹੇ ਅਤੇ ਵਿਚੋਲਿਆਂ ਦੀ ਭੂਮਿਕਾ ਖਤਮ ਹੋਵੇ। ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਮਹਿਲਾਵਾਂ ਵੀ ਇਸ ਯੋਜਨਾ ਲਈ ਯੋਗ ਹਨ। ਨਵੇਂ ਰਜਿਸਟ੍ਰੇਸ਼ਨ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ‘ਤੇ ਜਾਰੀ ਹਨ ਅਤੇ ਯੋਗ ਬਿਨੈਕਾਰਾਂ ਨੂੰ ਅਗਲੇ ਪੜਾਅ ਵਿੱਚ ਯੋਜਨਾ ਦਾ ਲਾਭ ਦਿੱਤਾ ਜਾਵੇਗਾ।




