ਹੁਸੈਨੀਵਾਲਾ, 15 ਅਗਸਤ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਫੈਸਲੇ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ, ਜੀਵਨ ਅਤੇ ਕੁਰਬਾਨੀ ਤੋਂ ਪ੍ਰੇਰਣਾ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਆਜ਼ਾਦ, ਤਰੱਕੀਪਸੰਦ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ 24.99 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਅਤੇ ਲੋਕਾਂ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਹੁਸੈਨੀਵਾਲਾ ਦੀ ਧਰਤੀ ਹਰ ਭਾਰਤੀ ਲਈ ਬੇਹੱਦ ਪਵਿੱਤਰ ਹੈ, ਕਿਉਂਕਿ ਇੱਥੇ ਹੀ ਅੰਗਰੇਜ਼ ਹਕੂਮਤ ਵੱਲੋਂ ਇਨ੍ਹਾਂ ਮਹਾਨ ਸ਼ਹੀਦਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਅੱਜ ਵੀ ਦੇਸ਼ ਦੇ ਨੌਜਵਾਨਾਂ ਨੂੰ ਨਿਰਸਵਾਰਥ ਸੇਵਾ ਅਤੇ ਦੇਸ਼ਭਗਤੀ ਲਈ ਪ੍ਰੇਰਿਤ ਕਰਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਿਰਫ਼ 23 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ ਦਾ ਨਾਮ ਅਤੇ ਯੋਗਦਾਨ ਹਮੇਸ਼ਾ ਦੇਸ਼ ਵਾਸੀਆਂ ਦੇ ਦਿਲਾਂ ਵਿੱਚ ਵੱਸਿਆ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਦੀ ਸ਼ਹਾਦਤ ਨੇ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਭਾਰਤ ਨੂੰ ਹੋਰ ਤਰੱਕੀਪਸੰਦ ਅਤੇ ਖੁਸ਼ਹਾਲ ਦੇਸ਼ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
watch…..ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, 12 ਸਤੰਬਰ ਤੱਕ ਦਾਅਵੇ-ਇਤਰਾਜ਼ ਦਾਇਰ ਹੋਣਗੇ
ਹੈਰੀਟੇਜ ਕੰਪਲੈਕਸ ਵਿੱਚ ਆਧੁਨਿਕ ਸਹੂਲਤਾਂ
ਮੁੱਖ ਮੰਤਰੀ ਨੇ ਦੱਸਿਆ ਕਿ ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਸ ’ਤੇ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਉਪਰਾਲਾ ਹੈ।
ਪ੍ਰੋਜੈਕਟ ਤਹਿਤ ਕੰਪਲੈਕਸ ਲਈ ਵਿਸ਼ਾਲ ਹੈਰੀਟੇਜ ਐਂਟਰੈਂਸ ਗੇਟ ਬਣਾਇਆ ਜਾਵੇਗਾ। ਸ਼ਹੀਦਾਂ ਦੇ ਜੀਵਨ ਅਤੇ ਸੰਘਰਸ਼ ਨੂੰ ਦਰਸਾਉਂਦੇ ਹੈਰੀਟੇਜ ਕੌਰੀਡੋਰ, ਕੰਧ-ਚਿੱਤਰ, ਪਾਰਕਾਂ ਅਤੇ ਯਾਦਗਾਰੀ ਖੇਤਰਾਂ ਨੂੰ ਵੀ ਵਿਕਸਤ ਅਤੇ ਸੁੰਦਰ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ, ਪੁਰਾਣੇ ਪੁਲ ’ਤੇ ਇਤਿਹਾਸਕ ਘਟਨਾਵਾਂ ਅਤੇ ਮਹੱਤਵਪੂਰਨ ਸ਼ਖਸੀਅਤਾਂ ਨੂੰ ਥੀਮੈਟਿਕ ਢੰਗ ਨਾਲ ਦਰਸਾਉਣ ਲਈ 3ਡੀ ਮੈਪਿੰਗ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ। ਕੰਪਲੈਕਸ ਵਿੱਚ ਇੱਕ ਮਿਊਜ਼ਿਕਲ ਫਾਊਂਟੇਨ ਵੀ ਸਥਾਪਤ ਕੀਤਾ ਜਾਵੇਗਾ।
ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਕੰਪਲੈਕਸ ਵਿੱਚ ਬੱਚਿਆਂ ਵਾਸਤੇ ਵਿਸ਼ੇਸ਼ ਖੇਡ ਖੇਤਰ, ਬਜ਼ੁਰਗਾਂ ਲਈ ਆਰਾਮ ਅਤੇ ਮਨੋਰੰਜਨ ਦੀਆਂ ਥਾਵਾਂ, ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਆਰ.ਓ. ਪਲਾਂਟ ਵਰਗੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਦਾ ਵਿਕਾਸ ਸਿਰਫ਼ ਇੱਕ ਨਿਰਮਾਣ ਪ੍ਰੋਜੈਕਟ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਵਾਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਅਤੇ ਵਿਰਾਸਤ ਨੂੰ ਸਦਾ ਲਈ ਸੁਰੱਖਿਅਤ ਰੱਖਣ ਦਾ ਯਤਨ ਹੈ।





