ਜਲੰਧਰ, 27 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਏ.ਪੀ. ਗਰਾਊਂਡ, ਫਿਲੌਰ ਵਿਖੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 1,746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਕੀਤੀ ਗਈ ਹੈ ਅਤੇ ਇਹ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਪਰਿਵਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਨਵੇਂ ਜਵਾਨਾਂ ਨੂੰ ਪੂਰੀ ਇਮਾਨਦਾਰੀ, ਸਮਰਪਣ, ਪੇਸ਼ੇਵਰਾਨਾ ਸੋਚ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,840 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਹੈ।
ਪੁਲਿਸ ਫੋਰਸ ਵਿੱਚ 1,600 ਨਵੀਆਂ ਆਸਾਮੀਆਂ
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 1,600 ਨਵੀਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਮੌਜੂਦਾ ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦੇ ਵਧੇਰੇ ਮੌਕੇ ਮਿਲਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਪੁਲਿਸ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਸੁਰੱਖਿਆ ਤੋਂ ਇਲਾਵਾ ਪੁਲਿਸ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਨ ਦਾ ਸੱਦਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਨਸ਼ਿਆਂ ਦੀ ਸਮੱਸਿਆ ਦਾ ਸਾਹਮਣਾ ਕਰਦਾ ਆ ਰਿਹਾ ਹੈ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕਰੀਬ 500 ਦਿਨਾਂ ਦੌਰਾਨ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
watch…..Kohli vs Juneja vs Mehta: AAP’s Patiala Battle Takes Shape
ਨਵੇਂ ਪੁਲਿਸ ਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨਵੇਂ ਜਵਾਨਾਂ ਨੂੰ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਕਿਹਾ।
ਸੜਕ ਸੁਰੱਖਿਆ ਫੋਰਸ ਦੀ ਵੀ ਕੀਤੀ ਸ਼ਲਾਘਾ
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ (SSF) ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਜਵਾਨਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕਰਕੇ ਕਰੀਬ 4,200 ਕਿਲੋਮੀਟਰ ਦੇ ਹਾਦਸਾ-ਸੰਭਾਵੀ ਰਾਜਮਾਰਗਾਂ ’ਤੇ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਰਿਪੋਰਟ ਮੁਤਾਬਕ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 52.87 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਵੀ ਨਿਗਰਾਨੀ ਰੱਖ ਰਹੀ ਹੈ।
ਨਵੇਂ ਜਵਾਨਾਂ ਨੂੰ ਲੋਕ ਸੇਵਾ ਨੂੰ ਪਹਿਲ ਦੇਣ ਦੀ ਅਪੀਲ
ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਆਮ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਆਪਣੇ ਅਹੁਦੇ ਅਤੇ ਅਧਿਕਾਰਾਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਫੋਰਸ ਨੂੰ ਆਧੁਨਿਕ ਵਿਗਿਆਨ ਅਤੇ ਤਕਨਾਲੋਜੀ ਨਾਲ ਲੈਸ ਕਰਨ ਲਈ ਵਚਨਬੱਧ ਹੈ। ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਸਮੇਤ ਕਈ ਹੋਰ ਅਧਿਕਾਰੀ ਅਤੇ ਸ਼ਖਸੀਅਤਾਂ ਹਾਜ਼ਰ ਸਨ।





