ਚੰਡੀਗੜ੍ਹ, 11 ਸਤੰਬਰ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਯੋਗ ਲਾਭਪਾਤਰੀਆਂ ਤੱਕ ਕਾਰਡ ਪਹੁੰਚਾਉਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਤਹਿਤ ਜਲਦ ਹੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਸਿਹਤ ਯੋਜਨਾ ਕਾਰਡ ਉਪਲਬਧ ਹੋਣ ਦੀ ਉਮੀਦ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕਰੀਬ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਜ਼ਿਲ੍ਹਿਆਂ ਵਿੱਚ ਪਹੁੰਚਾਏ ਜਾ ਚੁੱਕੇ ਹਨ, ਜਦਕਿ ਲਗਭਗ 2 ਲੱਖ ਹੋਰ ਕਾਰਡ ਜਲਦ ਉਪਲਬਧ ਕਰਵਾਏ ਜਾਣਗੇ।
ਸਰਕਾਰ ਵੱਲੋਂ ਅਜਿਹੇ ਕਰੀਬ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕਾਰਡ ਵੰਡੇ ਜਾਣਗੇ। ਇਸ ਨਾਲ ਲਾਭਪਾਤਰੀਆਂ ਨੂੰ ਆਪਣੇ ਹੀ ਪਿੰਡ ਜਾਂ ਵਾਰਡ ਵਿੱਚ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ ਅਤੇ ਵੰਡ ਪ੍ਰਕਿਰਿਆ ਵੀ ਤੇਜ਼ ਹੋਵੇਗੀ।
ਕੈਂਪਾਂ ਬਾਰੇ ਲਾਭਪਾਤਰੀਆਂ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇਗੀ। ਵੱਧ ਤੋਂ ਵੱਧ ਲਾਭਪਾਤਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਕੈਂਪ ਆਧਾਰਿਤ ਵੰਡ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਕੈਂਪਾਂ ਰਾਹੀਂ ਕਾਰਡ ਵੰਡਣ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਰੱਖਿਆ ਹੈ।
watch…..Xi Jinping Returns to India After 7 Years for BRICS Summit
ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਯੋਗ ਲਾਭਪਾਤਰੀ ਹਨ, ਉੱਥੇ ਪਹਿਲਾਂ ਵਾਂਗ ਘਰ-ਘਰ ਕਾਰਡ ਵੰਡਣ ਦੀ ਪ੍ਰਕਿਰਿਆ ਜਾਰੀ ਰਹੇਗੀ। ਕੈਂਪ ਮੁਹਿੰਮ ਤੋਂ ਬਾਅਦ ਵੀ ਜੇਕਰ ਕੁਝ ਕਾਰਡ ਵੰਡੇ ਜਾਣ ਤੋਂ ਰਹਿ ਜਾਂਦੇ ਹਨ ਤਾਂ ਉਹ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।
ਕਾਰਡਾਂ ਦੀ ਆਖਰੀ ਪੱਧਰ ਤੱਕ ਵੰਡ ਨੂੰ ਉਤਸ਼ਾਹਿਤ ਕਰਨ ਲਈ ਆਸ਼ਾ ਵਰਕਰਾਂ ਨੂੰ ਹਰ ਸਫ਼ਲਤਾਪੂਰਵਕ ਵੰਡੇ ਗਏ ਕਾਰਡ ਲਈ 10 ਰੁਪਏ, ਜਦਕਿ ਆਸ਼ਾ ਫੈਸਿਲੀਟੇਟਰਾਂ ਨੂੰ 2 ਰੁਪਏ ਪ੍ਰਤੀ ਕਾਰਡ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਘਰ-ਘਰ ਵੰਡ ਦਾ ਰਿਕਾਰਡ ਵੀ ਰੱਖਿਆ ਜਾਵੇਗਾ ਅਤੇ ਸਬੰਧਤ ਸਿਹਤ ਅਧਿਕਾਰੀਆਂ ਵੱਲੋਂ ਪ੍ਰੋਤਸਾਹਨ ਰਾਸ਼ੀ ਦੇ ਦਾਅਵਿਆਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਕੈਂਪ ਆਧਾਰਿਤ ਵੰਡ ਮੁਹਿੰਮ ਪੂਰੀ ਹੋਣ ਤੋਂ ਬਾਅਦ ਬਾਕੀ ਰਹਿੰਦੇ ਕਾਰਡਾਂ ਨੂੰ ਅਗਲੇ ਦੋ ਹਫ਼ਤਿਆਂ ਦੇ ਅੰਦਰ ਘਰ-ਘਰ ਵੰਡਣ ਦੀ ਪ੍ਰਕਿਰਿਆ ਰਾਹੀਂ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇਗਾ।
ਸਟੇਟ ਹੈਲਥ ਏਜੰਸੀ ਵੱਲੋਂ ਜ਼ਿਲ੍ਹਿਆਂ ਨੂੰ ਕਾਰਡਾਂ ਦੇ ਨਾਲ ਸੂਚਨਾ, ਸਿੱਖਿਆ ਅਤੇ ਸੰਚਾਰ (IEC) ਸਮੱਗਰੀ ਵੀ ਉਪਲਬਧ ਕਰਵਾਈ ਗਈ ਹੈ। ਇਸ ਵਿੱਚ ਕਾਰਡ ਜੈਕਟਾਂ, ਲਿਫ਼ਾਫ਼ੇ ਅਤੇ ਜਾਣਕਾਰੀ ਵਾਲੇ ਬਰੋਸ਼ਰ ਸ਼ਾਮਲ ਹਨ।
ਅਧਿਕਾਰੀਆਂ ਨੂੰ ਪੂਰੀ ਵੰਡ ਪ੍ਰਕਿਰਿਆ ਦੀ ਨਜ਼ਦੀਕੀ ਨਿਗਰਾਨੀ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਦੇ ਨਾਲ-ਨਾਲ ਮਿਆਰੀ ਸੰਚਾਲਨ ਪ੍ਰਕਿਰਿਆ (SOP) ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਦਾ ਉਦੇਸ਼ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰੇ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਮੁਕੰਮਲ ਕਰਨਾ ਹੈ। ਸਰਕਾਰ ਦਾ ਖ਼ਾਸ ਜ਼ੋਰ ਇਸ ਗੱਲ ’ਤੇ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਿਹਤ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।





