ਪਟਿਆਲਾ/ਰਾਜਪੁਰਾ/ਬਨੂੜ, 3 ਅਕਤੂਬਰ
ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ 2026 ਦੀ ਰਾਤ ਵਾਪਰੀ ਵਿਦਿਆਰਥੀ ਹੰਗਾਮੇ ਦੀ ਘਟਨਾ ਸਬੰਧੀ ਜਾਂਚ ਨੂੰ ਅੱਗੇ ਵਧਾਉਂਦਿਆਂ ਪਟਿਆਲਾ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ‘ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਗੁੰਮਰਾਹ ਕਰਨ ਦੇ ਦੋਸ਼ ਹਨ।
ਪਟਿਆਲਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਪਾਰਥ ਮਹਿਤਾ, ਵਾਸੀ ਫਤਿਹਾਬਾਦ (ਹਰਿਆਣਾ) ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਥਾਣਾ ਬਨੂੜ ਵਿੱਚ ਐਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਪਹਿਲਾਂ ਹੀ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਜਾਂਚ ਦੌਰਾਨ ਪਾਰਥ ਮਹਿਤਾ ਦਾ ਨਾਮ ਵੀ ਸਾਹਮਣੇ ਆਇਆ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਕੇ ਵਿਦਿਆਰਥੀਆਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਉਸ ਉੱਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਅਧਿਕਾਰਤ ਫਰਜ਼ ਨਿਭਾਉਣ ਤੋਂ ਰੋਕਣ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਗਏ ਹਨ।
ਪਾਰਥ ਮਹਿਤਾ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਹੁਣ ਤਿੰਨ ਹੋ ਗਈ ਹੈ। ਪੁਲਿਸ ਵੱਲੋਂ ਉਸ ਖ਼ਿਲਾਫ਼ ਉਸੇ ਐਫ.ਆਈ.ਆਰ. ਵਿੱਚ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।
watch…..ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਵਿੱਚ ਨਵਾਂ ਧੜਾ ਉਭਰਨ ਦਾ ਜੀ.ਪੀ. ਦਾ ਦਾਅਵਾ
ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਅਗਲੇ ਪੜਾਅ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਗਿਆ।
ਪੁਲਿਸ ਬੁਲਾਰੇ ਨੇ ਕਿਹਾ ਕਿ ਪਟਿਆਲਾ ਪੁਲਿਸ ਖੇਤਰ ਵਿੱਚ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।





