ਰਾਜਪੁਰਾ, 9 ਅਕਤੂਬਰ ( ਡਾ ਗੁਰਵਿੰਦਰ ਅਮਨ)
ਰਾਜਪੁਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ ਨੇ ਅੱਜ ਆਪਣੇ ਅਧਿਕਾਰੀਆਂ ਨਾਲ ਦੇਸ਼ ਦੀਆਂ ਪ੍ਰਮੁੱਖ ਅਨਾਜ ਮੰਡੀਆਂ ਵਿੱਚ ਸ਼ੁਮਾਰ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗਈਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਅਨਾਜ ਮੰਡੀ ਦੇ ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਦੀਪਕ ਸੂਦ ਨੇ ਕਿਹਾ ਕਿ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਪੈਸੇ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
watch…..ਦਿਲ ਵਿੱਚ ਛੇਕ ਦੀ ਸਮੱਸਿਆ ਤੋਂ ਮਿਲੀ ਮੁਕਤੀ, ਸਰਕਾਰੀ ਯੋਜਨਾ ਨੇ ਬਚਾਈ ਅਨੀਤਾ ਦੀ ਜ਼ਿੰਦਗੀ
ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਕੀਮਤ ’ਤੇ ਨਹੀਂ ਵਿਕਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਸ੍ਰੀ ਸੂਦ ਨੇ ਇਹ ਵੀ ਦੱਸਿਆ ਕਿ ਮੰਡੀ ਦੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਏ।
ਇਸ ਮੌਕੇ ਮੰਡੀ ਸਕੱਤਰ ਅਮਿਤ ਕੁਮਾਰ, ਲੇਖਾਕਾਰ ਜੁਝਾਰ ਸਿੰਘ, ਸੁਪਰਵਾਈਜ਼ਰ ਮਨਜੀਤ ਸਿੰਘ, ਸਚਿਨ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।





