ਸੰਘੋਲ, 15 ਅਕਤੂਬਰ (ਔਜਲਾ)
ਖੇਤੀਬਾੜੀ ਵਿਭਾਗ ਦੇ ਬਲਾਕ ਖਮਾਣੋਂ ਨਾਲ ਸਬੰਧਤ ਅਧਿਕਾਰੀ ਨਾਲ ਇੱਕ ਕਿਸਾਨ ਵੱਲੋਂ ਕਥਿਤ ਤੌਰ ’ਤੇ ਬਦਸਲੂਕੀ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵਿਭਾਗ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਪਿੰਡ ਪੋਹਲੋਮਾਜਰਾ ਨੇੜੇ ਇੱਕ ਖੇਤ ਵਿੱਚ ਝੋਨੇ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਜਦੋਂ ਅਧਿਕਾਰੀ ਮੌਕੇ ’ਤੇ ਪਹੁੰਚਿਆ ਤਾਂ ਪੜਤਾਲ ਦੌਰਾਨ ਪਤਾ ਲੱਗਾ ਕਿ ਪਿੰਡ ਧਿਅਨੂੰਮਾਜਰਾ ਦੇ ਇੱਕ ਕਿਸਾਨ ਵੱਲੋਂ ਖੇਤ ਵਿੱਚ ਨਾੜ ਨੂੰ ਅੱਗ ਲਗਾਈ ਗਈ ਸੀ। ਦੱਸਿਆ ਗਿਆ ਕਿ ਕਿਸਾਨ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਰਿਹਾ ਸੀ।
watch……ਪੰਜਾਬ ਵਿੱਚ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ, ਕੁੱਲ ਗਿਣਤੀ 1,244 ਹੋਈ: ਮੁੱਖ ਮੰਤਰੀ ਮਾਨ
ਅੱਗ ਨੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪਈ ਨਾੜ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਹੋਰ ਕਿਸਾਨਾਂ ਨੇ ਹਿੰਮਤ ਦਿਖਾਉਂਦਿਆਂ ਅੱਗ ’ਤੇ ਕਾਬੂ ਪਾਇਆ, ਜਿਸ ਕਾਰਨ ਖੜ੍ਹੀ ਫ਼ਸਲ ਦਾ ਬਚਾਅ ਹੋ ਗਿਆ।
ਮਾਮਲੇ ਸਬੰਧੀ ਖੇਤੀਬਾੜੀ ਵਿਭਾਗ ਦੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਿਸਾਨ ਤੋਂ ਨਾੜ ਨੂੰ ਅੱਗ ਲਗਾਉਣ ਬਾਰੇ ਪੁੱਛਿਆ ਤਾਂ ਕਿਸਾਨ ਨੇ ਕਥਿਤ ਤੌਰ ’ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਅਤੇ ਧਮਕੀ ਦਿੰਦਿਆਂ ਕਿਹਾ ਕਿ “ਜੋ ਤੁਸੀਂ ਜਾਂ ਵਿਭਾਗ ਨੇ ਕਰਨਾ ਹੈ, ਕਰ ਲਵੋ।” ਉਨ੍ਹਾਂ ਦੱਸਿਆ ਕਿ ਕਿਸਾਨ ਦੇ ਇਸ ਵਿਹਾਰ ਕਾਰਨ ਸਰਕਾਰੀ ਡਿਊਟੀ ਵਿੱਚ ਵਿਘਨ ਪਿਆ ਹੈ।
ਸਬ-ਇੰਸਪੈਕਟਰ ਅਨੁਸਾਰ, ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਬੰਧਤ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।
ਦੂਜੇ ਪਾਸੇ, ਸੰਘੋਲ ਪੁਲਿਸ ਚੌਕੀ ਦੇ ਇੰਚਾਰਜ ਹਰਜੀਤ ਸਿੰਘ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖੇਤੀਬਾੜੀ ਵਿਕਾਸ ਅਫ਼ਸਰ ਖਮਾਣੋਂ ਦਮਨ ਝਾਜੀ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਆਪਣੀ ਡਿਊਟੀ ਨਿਭਾ ਰਹੇ ਵਿਭਾਗੀ ਅਧਿਕਾਰੀਆਂ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਿਯਮਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਵਾਈ ਜਾਵੇਗੀ।





