ਰਾਜਪੁਰਾ, 27 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਹਿੰਸਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਾ ਨਿਭਾਉਣ ਕਾਰਨ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ।
ਡੇਰਾਬੱਸੀ ਅਤੇ ਘਨੌਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯਾਤਰਾ’ ਦੇ ਹਿੱਸੇ ਵਜੋਂ ਕਰਵਾਈਆਂ ਗਈਆਂ ਵੱਡੀਆਂ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਹਿੰਸਕ ਘਟਨਾ ਵਾਪਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਨੌਜਵਾਨ ਦੀ ਬਾਂਹ ਵੱਢ ਕੇ ਉਸ ਦੇ ਮਾਪਿਆਂ ਕੋਲ ਭੇਜ ਦਿੱਤੀ ਗਈ, ਜਦਕਿ ਪਟਿਆਲਾ, ਮੋਗਾ ਅਤੇ ਜਗਰਾਉਂ ਵਿੱਚ ਵੀ ਨੌਜਵਾਨਾਂ ਦੇ ਕਤਲ ਹੋਏ ਹਨ।
ਰਾਹੁਲ ਗਾਂਧੀ ’ਤੇ ਵੀ ਸਾਧਿਆ ਨਿਸ਼ਾਨਾ
ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਨੇ ਸਵਾਲ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਤੋਂ ਬਾਅਦ ਹੁਣ ਉਹ ਉਨ੍ਹਾਂ ਲਈ ਕੀ ਸੁਨੇਹਾ ਲੈ ਕੇ ਆ ਰਹੇ ਹਨ। ਉਨ੍ਹਾਂ ਰਾਹੁਲ ਗਾਂਧੀ ਨੂੰ ਅਸਫ਼ਲ ਆਗੂ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਆ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਆਪਣੀ ਪਾਰਟੀ ਅਤੇ ਆਪਣੀ ਕਾਰਗੁਜ਼ਾਰੀ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਾਂਗਰਸ ਵੱਲੋਂ 1 ਨਵੰਬਰ ਨੂੰ ਰੈਲੀ ਕਰਨ ਦੇ ਫ਼ੈਸਲੇ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਸਿੱਖ ਕੌਮ ਨੂੰ ਦਿੱਲੀ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਹੋਏ ਕਤਲੇਆਮ ਦੀ ਯਾਦ ਦਿਵਾਉਂਦਾ ਹੈ।
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਮੁਤਾਬਕ, ਪੀੜਤ ਪਰਿਵਾਰ ਦੀਆਂ ਮੰਗਾਂ ਨੂੰ ਗ਼ੈਰ-ਵਾਜਬ ਦੱਸਣਾ ਵੀ ਦੁੱਖਦਾਈ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਕਾਰਨ ਆਪਣਾ ਇਕਲੌਤਾ ਪੁੱਤਰ ਗੁਆਉਣ ਵਾਲਾ ਪਰਿਵਾਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨ ਵਿਚਕਾਰ ਕਥਿਤ ਗੰਢਤੁੱਪ ਵਿਰੁੱਧ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਹਰਸਿਮਰਤ ਨੇ ਕਿਹਾ ਕਿ ਪਰਿਵਾਰ ਨੂੰ ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਨ ਦਾ ਪੂਰਾ ਹੱਕ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਅਸ਼ਵਨੀ ਕੁਮਾਰ ਨੂੰ ਹਥਿਆਰਾਂ ਦਾ ਲਾਇਸੈਂਸ ਜਾਰੀ ਕੀਤਾ ਸੀ। ਉਨ੍ਹਾਂ ਨੇ ਉਸ ਡਰੱਗ ਇੰਸਪੈਕਟਰ ਦੀ ਭੂਮਿਕਾ ਦੀ ਜਾਂਚ ਦੀ ਵੀ ਮੰਗ ਕੀਤੀ, ਜਿਸ ਦੀ ਨਿਗਰਾਨੀ ਹੇਠ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਹੁੰਦੀ ਰਹੀ।
‘ਨਸ਼ਾ ਮਾਫੀਆ ਵਿਰੁੱਧ ਕਾਰਵਾਈ ਕਰਨ ਤੋਂ ਸਰਕਾਰ ਪਿੱਛੇ ਹਟ ਰਹੀ ’
ਹਰਸਿਮਰਤ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਮਾਫੀਆ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਠੋਸ ਕਦਮਾਂ ਦੀ ਉਮੀਦ ਕਰ ਰਹੇ ਹਨ।
ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ, ਪ੍ਰਸ਼ਾਸਨਿਕ ਅਧਿਕਾਰੀ ਜਾਂ ਹੋਰ ਵਿਅਕਤੀ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ ਤਾਂ ਨਿਰਪੱਖ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।





