ਭਾਦਸੋਂ, 30 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਮੋਹਰੀ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।
ਵਿੱਤ ਮੰਤਰੀ ਅੱਜ ਭਾਦਸੋਂ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਕਰਤਾਰ ਕੰਬਾਈਨ ਐਂਡ ਟ੍ਰੈਕਟਰਜ਼ ਇੰਡਸਟਰੀ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਰਤਾਰ ਐਗਰੋ ਦੇ ਐਮਡੀ ਅਤੇ ਚੇਅਰਮੈਨ ਅਮਰਜੀਤ ਸਿੰਘ ਲੋਟੇ ਵੀ ਮੌਜੂਦ ਸਨ।
ਸਮਾਗਮ ਵਿੱਚ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਕਰਤਾਰ ਐਗਰੋ ਦੇ ਡਾਇਰੈਕਟਰ ਹਰਵਿੰਦਰ ਸਿੰਘ ਲੋਟੇ, ਹਰਮੀਤ ਸਿੰਘ ਲੋਟੇ, ਮਨਜੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਸੁਖਦੇਵ ਸਿੰਘ ਲੋਟੇ ਅਤੇ ਇੰਦਰਜੀਤ ਸਿੰਘ ਲੋਟੇ ਤੋਂ ਇਲਾਵਾ ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਵੀ ਹਾਜ਼ਰ ਸਨ।
ਕਰਤਾਰ ਐਗਰੋ ਦੇ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ
ਵਿੱਤ ਮੰਤਰੀ ਚੀਮਾ ਨੇ ਸਿੱਖਿਆ ਦੇ ਖੇਤਰ ਵਿੱਚ ਕਰਤਾਰ ਐਗਰੋ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰਤਾਰ ਐਗਰੋ ਖੇਤੀਬਾੜੀ ਮਸ਼ੀਨਰੀ, ਖਾਸ ਕਰਕੇ ਕੰਬਾਈਨਾਂ ਦੇ ਨਿਰਮਾਣ ਲਈ ਪ੍ਰਸਿੱਧ ਕੰਪਨੀ ਹੈ। ਇਸ ਦੇ ਬਾਵਜੂਦ ਕੰਪਨੀ ਨੇ ਖੇਤੀਬਾੜੀ ਖੇਤਰ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਅਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਅਹਿਮ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਹੋਰ ਉਦਯੋਗਿਕ ਘਰਾਣੇ ਵੀ ਕਰਤਾਰ ਐਗਰੋ ਦੀ ਤਰ੍ਹਾਂ ਸਮਾਜ ਸੇਵਾ ਦੇ ਖੇਤਰ ਵਿੱਚ ਅੱਗੇ ਆਉਣ ਅਤੇ ਸਿੱਖਿਆ ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਹਿਯੋਗ ਦੇਣ, ਤਾਂ ਇਸ ਨਾਲ ਸਮਾਜ ਨੂੰ ਵੱਡਾ ਲਾਭ ਹੋਵੇਗਾ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (NEET), 361 ਵਿਦਿਆਰਥੀਆਂ ਨੇ ਜੇਈਈ ਮੇਨਜ਼ (JEE Main) ਅਤੇ 64 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ (JEE Advanced) ਦੀ ਪ੍ਰੀਖਿਆ ਪਾਸ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸਥਾਪਿਤ ਕੀਤੇ ਗਏ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਸਹੂਲਤਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਨ।
ਚੀਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਅਨੁਸਾਰ, ਨੀਤੀ ਆਯੋਗ ਦੀ ‘ਸਿੱਖਿਆ ਗੁਣਵੱਤਾ ਰਿਪੋਰਟ 2026’ ਵਿੱਚ ਵੀ ਪੰਜਾਬ ਨੂੰ ਦੇਸ਼ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸੇ ਤਰ੍ਹਾਂ, ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਜਾਰੀ ‘ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0’ ਤਹਿਤ ਸਾਲ 2024-25 ਲਈ ਵੀ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ।
ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਮੀਦ ਪ੍ਰਗਟਾਈ ਕਿ ਭਾਦਸੋਂ ਵਿਖੇ ਬਣਾਇਆ ਗਿਆ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਵਧੀਆ ਮੌਕੇ ਪ੍ਰਦਾਨ ਕਰੇਗਾ।
watch….PSPCL Moves to Improve Efficiency Through Employee-Driven Innovation
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 3,000 ਤੋਂ ਵੱਧ ਖੇਡ ਮੈਦਾਨ ਤਿਆਰ ਕਰਵਾਉਣ ਸਮੇਤ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਹਨ। ਇਨ੍ਹਾਂ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਨਵਾਂ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ, ਸਕੂਲ ਦੇ ਪ੍ਰਿੰਸੀਪਲ ਪ੍ਰੀਤਿੰਦਰ ਘਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਵੱਲੋਂ ਅਮਰਜੀਤ ਸਿੰਘ ਲੋਟੇ ਨੂੰ ਸਨਮਾਨਿਤ ਵੀ ਕੀਤਾ ਗਿਆ।





