ਪਟਿਆਲਾ, 21 ਅਗਸਤ
ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਦੀ ਮੁੱਖ ਮੰਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣਾ ਹੈ, ਜਿਸ ਤਹਿਤ ਕੰਟਰੈਕਟ ਅਧਿਆਪਕਾਂ ਦੀ ਤਨਖ਼ਾਹ ਸਬੰਧੀ ਯੂਜੀਸੀ ਦੇ ਨਿਯਮ ਲਾਗੂ ਕੀਤੇ ਜਾਣੇ ਹਨ।
ਰੋਸ ਪ੍ਰਦਰਸ਼ਨ ਦੀ ਅਗਵਾਈ ਡਾ. ਦਲਬੀਰ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਸਿੰਘ ਨੇ ਕੀਤੀ। ਇਸ ਮੌਕੇ ਪੁਕਟਾ ਦੇ ਜਨਰਲ ਸਕੱਤਰ ਅਸਿਸਟੈਂਟ ਪ੍ਰੋਫੈਸਰ ਰਮਨਪ੍ਰੀਤ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਮਾਮਲੇ ਸਬੰਧੀ ਹੁਣ ਤੱਕ ਹੋਈ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ।
ਰਮਨਪ੍ਰੀਤ ਸਿੰਘ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਯੂਨੀਵਰਸਿਟੀ ਨੂੰ ਯੂਜੀਸੀ ਦੇ ਨਿਯਮਾਂ ਮੁਤਾਬਕ ਕੰਟਰੈਕਟ ਅਧਿਆਪਕਾਂ ਦੀ ਤਨਖ਼ਾਹ ਸਬੰਧੀ ਪ੍ਰਬੰਧ ਲਾਗੂ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਲੰਮੇ ਸਮੇਂ ਤੋਂ ਇਸ ਮਾਮਲੇ ਦੇ ਹੱਲ ਦੀ ਉਡੀਕ ਕਰ ਰਹੇ ਹਨ।
watch…..ਐਨਐਚਐਮ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, 24 ਅਗਸਤ ਤੱਕ ਹੜਤਾਲ
ਐਸੋਸੀਏਸ਼ਨ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਈ ਕੋਰਟ ਦੇ ਹੁਕਮਾਂ ਨੂੰ ਬਿਨਾਂ ਹੋਰ ਦੇਰੀ ਲਾਗੂ ਕੀਤਾ ਜਾਵੇ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਤਨਖ਼ਾਹ ਸਬੰਧੀ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਡਾ. ਦਲਬੀਰ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਨੂੰ ਆਪਣੀ ਸਹੂਲਤ ਅਨੁਸਾਰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੰਗ ਸਪੱਸ਼ਟ ਹੈ ਕਿ ਉਨ੍ਹਾਂ ’ਤੇ ਯੂਜੀਸੀ ਰੈਗੂਲੇਸ਼ਨ-2010 ਅਤੇ 2018 ਦੇ ਨਿਯਮ ਲਾਗੂ ਕੀਤੇ ਜਾਣ ਅਤੇ ਇਨ੍ਹਾਂ ਨਿਯਮਾਂ ਅਨੁਸਾਰ ਬਣਦੀ ਤਨਖ਼ਾਹ ਦਿੱਤੀ ਜਾਵੇ।





