- ਆੜ੍ਹਤੀਆਂ ਲਈ 2.5 ਫੀਸਦੀ ਕਮਿਸ਼ਨ ਦਾ ਮਾਮਲਾ ਕੇਂਦਰ ਕੋਲ ਨਾ ਚੁੱਕਣ ’ਤੇ ਮੁੱਖ ਮੰਤਰੀ ਦੀ ਨਿਖੇਧੀ
- ਮੋਗਾ ਵਿਖੇ ਕਿਸਾਨਾਂ ’ਤੇ ਲਾਠੀਚਾਰਜ ਦੇ ਹੁਕਮਾਂ ’ਤੇ ਵੀ ਤਿੱਖੀ ਨਿਖੇਧੀ
ਨਾਭਾ, 4 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਮਾਲਵਾ ਖਿੱਤੇ ਵਿਚ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ। ਉਨ੍ਹਾਂ ਯਾਦ ਕਰਵਾਇਆ ਕਿ 2022 ਦੀਆਂ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸੇ ਤਰ੍ਹਾਂ ਦਾ ਵਾਅਦਾ ਕੀਤਾ ਸੀ।
ਪੰਜਾਬ ਬਚਾਓ ਮੁਹਿੰਮ ਤਹਿਤ ਨਾਭਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਕਿਸਾਨ ਇਸ ਵੇਲੇ ਬਹੁਤ ਮਾਯੂਸ ਹਨ। ਉਨ੍ਹਾਂ ਨੂੰ ਰੋਜ਼ਾਨਾ ਫੋਨ ਆ ਰਹੇ ਹਨ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਇੱਕ ਰੁਪਿਆ ਵੀ ਮੁਆਵਜ਼ਾ ਨਹੀਂ ਮਿਲਿਆ। ਹੁਣ ਫਿਰ ਤੋਂ ਕਿਸਾਨ ਅਪੀਲ ਕਰ ਰਹੇ ਹਨ ਕਿ ਖਾਸ ਕਰਕੇ ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਖੇਤਰਾਂ ਵਿਚ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕਿਸਾਨਾਂ ਨਾਲ ਵਾਅਦਾ ਤੋੜਿਆ ਹੈ। ਜੇਕਰ ਹੋਰ ਕੁਝ ਨਹੀਂ ਕੀਤਾ ਜਾ ਸਕਦਾ ਤਾਂ ਘੱਟੋ-ਘੱਟ ਚੋਣ ਮਨੋਰਥ ਪੱਤਰ ਵਾਲਾ 50 ਹਜ਼ਾਰ ਰੁਪਏ ਪ੍ਰਤੀ ਏਕੜ ਵਾਲਾ ਵਾਅਦਾ ਤਾਂ ਪੂਰਾ ਕੀਤਾ ਜਾਵੇ।
ਆੜ੍ਹਤੀਆਂ ਦੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਆੜ੍ਹਤੀਆਂ ਲਈ ਕਣਕ ਤੇ ਝੋਨੇ ’ਤੇ 2.5 ਫੀਸਦੀ ਕਮਿਸ਼ਨ ਬਹਾਲ ਕਰਨ ਦੇ ਪੱਕੇ ਹੱਕ ਵਿਚ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਕੇਂਦਰ ਕੋਲ ਚੰਗੀ ਤਰ੍ਹਾਂ ਨਾ ਚੁੱਕਿਆ ਅਤੇ ਆੜ੍ਹਤੀਆਂ ਨੂੰ ਇਨਸਾਫ਼ ਨਹੀਂ ਦਿਵਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇਹ ਕਮਿਸ਼ਨ ਤੁਰੰਤ ਬਹਾਲ ਕੀਤਾ ਜਾਵੇਗਾ।
watch….ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ
ਬਾਦਲ ਨੇ ਮੋਗਾ ਵਿਖੇ ਕਿਸਾਨਾਂ ’ਤੇ ਲਾਠੀਚਾਰਜ ਦੇ ਹੁਕਮਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਸਵਾਲਾਂ ਤੋਂ ਡਰਦੇ ਹਨ ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਲਾਠੀਚਾਰਜ ਦਾ ਹੁਕਮ ਦੇ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਆਪ ਸਰਕਾਰ ਆਪਣੀਆਂ ਰੈਲੀਆਂ ਲਈ ਸਰਕਾਰੀ ਬੱਸਾਂ ਅਤੇ ਖਜ਼ਾਨੇ ਦਾ ਇਸਤੇਮਾਲ ਕਰ ਰਹੀ ਹੈ, ਜੋ ਇੱਕ ਵੱਡਾ ਘੁਟਾਲਾ ਹੈ।
ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਸਰਕਾਰ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਅਤੇ ਹਰ ਜ਼ਿਲ੍ਹੇ ਵਿਚ ਇਸ ਦੇ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਐਸ.ਸੀ., ਬੀ.ਸੀ. ਅਤੇ ਗਰੀਬ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ, ਆਟਾ-ਦਾਲ ਸਕੀਮ ਦਾ ਵਿਸਥਾਰ, ਬੁਢਾਪਾ ਪੈਨਸ਼ਨ 3100 ਰੁਪਏ ਅਤੇ ਸ਼ਗਨ ਸਕੀਮ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਡੇਅਰੀ ਤੇ ਪਸ਼ੂ ਪਾਲਣ ਲਈ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ ਅਤੇ ਹੋਰ ਆਗੂ ਵੀ ਮੌਜੂਦ ਸਨ।



